Close
Menu

ਬੇਅਦਬੀ ਮਾਮਲੇ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬਿਆਨ ਕਲਮਬੱਧ

ਬੰਗਾ/ਬਲਾਚੌਰ : ਪੰਜਾਬ ਵਿੱਚ ਬੀਤੇ ਸਮੇਂ ਦੌਰਾਨ ਵਾਪਰੀਆਂ ਵੱਖ-ਵੱਖ ਧਰਮ ਗ੍ਰੰਥਾਂ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਪੜਤਾਲੀਆ ਕਮਿਸ਼ਨ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ’ਤੇ ਅਧਾਰਿਤ ਇਸ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਝੰਡੇਰ ਕਲਾਂ, ਖੋਥੜਾਂ, ਤਲਵੰਡੀ ਜੱਟਾਂ, ਗੜ੍ਹੀ ਕਾਨੂੰਨਗੋਆਂ ਅਤੇ ਸੜੋਆ ਵਿੱਚ ਉਨ੍ਹਾਂ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਸਮੇਂ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ ਸਨ। ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ ਵਾਪਰੀਆਂ ਘਟਨਾਵਾਂ ਦੀ ਜਾਣਕਾਰੀ ਰੱਖਣ ਵਾਲੇ ਪਿੰਡ ਵਾਸੀਆਂ ਕੋਲੋਂ ਘਟਨਾਵਾਂ ਸਬੰਧੀ ਜਾਣਕਾਰੀ ਲਈ ਤੇ ਉਨ੍ਹਾਂ ਦੇ ਬਿਆਨ ਵੀ ਕਲਮਬੱਧ ਕੀਤੇ। ਉਨ੍ਹਾਂ ਸੜੋਆ ਵਿੱਚ ਵਾਪਰੀ ਘਟਨਾ ਸਬੰਧੀ ਹੋਰ ਜਾਣਕਾਰੀ ਦੇਣ ਵਾਲੇ ਪਿੰਡ ਦੇ ਲੋਕਾਂ ਨੂੰ 18 ਜਨਵਰੀ ਨੂੰ ਆਪਣੇ ਦਫ਼ਤਰ ਆਉਣ ਲਈ ਕਿਹਾ। ਇਸ ਮੌਕੇ ਐੱਸਪੀ (ਡੀ) ਮਨਵਿੰਦਰ ਸਿੰਘ ਵੀ ਮੌਜੂਦ ਸਨ।

Comments