ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਸੈਂਕੜੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਸਿੱਖਿਆ ਵਿਭਾਗ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਸਰਕਾਰੀ ਸਕੂਲਾਂ ਨੂੰ ਤਾਲੇ ਲਗਾਉਣ ਦੀ ਥਾਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਸੂਬੇ ਦੀ ਨਿੱਘਰ ਚੁੱਕੀ ਸਕੂਲੀ ਸਿੱਖਿਆ ਦਾ ਕਾਇਆ-ਕਲਪ ਕਰਨ ਲਈ ਠੋਸ ਕਦਮ ਚੁੱਕਣ।
‘ਆਪ’ ਦੇ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿੱਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਇਸਤਰੀ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਰੰਧਾਵਾ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧਰਾਮ ਅਤੇ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਕਰੀਬ 800 ਤੋਂ ਵੱਧ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ। ਵਿਧਾਇਕਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕਲਿਆਣਕਾਰੀ ਸਰਕਾਰ ਦੀਆਂ ਸਿੱਖਿਆ ਅਤੇ ਸਿਹਤ ਵਰਗੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਭਗੌੜਾ ਨਹੀਂ ਹੋਣਾ ਚਾਹੀਦਾ ਕਿਉਂਕਿ ਪੰਜਾਬ ਦੇ ਲੋਕਾਂ ਨੇ ਵੱਡੀ ਆਸ ਨਾਲ ਉਨ੍ਹਾਂ ਦੀ ਸਰਕਾਰ ਬਣਾਈ ਸੀ।
ਉਧਰ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਅਕਾਦਮਿਕ ਸੈਸ਼ਨ ਦੌਰਾਨ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ 9 ਫ਼ੀਸਦੀ ਜ਼ਿਆਦਾ ਰਿਹਾ ਹੈ। ਨਤੀਜੇ ਵਜੋਂ ਦਿੱਲੀ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਇੰਨਾ ਭਰੋਸਾ ਵਧ ਗਿਆ ਹੈ ਕਿ ਮਾਪਿਆਂ ਨੇ ਹਜ਼ਾਰਾਂ ਬੱਚੇ ਪ੍ਰਾਈਵੇਟ ਸਕੂਲਾਂ ’ਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਦਿੱਤੇ ਹਨ।
ਇਕੱਲੇ ਸਰਕਾਰੀ ਸਰਵੋਦਿਆ ਕੋਐਡ ਸਕੂਲ ਰੋਹਿਨੀ ਸੈਕਟਰ 21 ਵਿੱਚ 900 ਬੱਚੇ ਪ੍ਰਾਈਵੇਟ ਸਕੂਲਾਂ ’ਚੋਂ ਨਾਂ ਕਟਵਾ ਕੇ ਦਾਖ਼ਲ ਹੋਏ।