ਸੰਗਰੂਰ, 14 ਫਰਵਰੀ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਹੈ ਕਿ ਇੱਕ ਸਿੱਖ ਹੋਣ ਦੇ ਨਾਤੇ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਜਗਦੀਸ਼ ਟਾਈਟਲਰ ਦੀ ਸੀਡੀ ਦਾ ਮਾਮਲਾ ਕਮਿਸ਼ਨ ਕੋਲ ਉਠਾਉਣਗੇ।
ਸ੍ਰੀ ਰਾਏ ਇੱਥੇ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਨਵੇਂ 15 ਨੁਕਾਤੀ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਲਾਗੂ ਕੀਤੇ ਜਾਣ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਪੁੱਜੇ ਸਨ।
ਸ੍ਰੀ ਰਾਏ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦੀ ਜੋ ਸੀਡੀ ਸਾਹਮਣੇ ਆਈ ਹੈ, ਉਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਲਿਖਤੀ ਰੂਪ ਵਿੱਚ ਕੋਈ ਸ਼ਿਕਾਇਤ ਨਹੀਂ ਪੁੱਜੀ ਹੈ ਪ੍ਰੰਤੂ ਉਹ ਸਿੱਖ ਹੋਣ ਦੇ ਨਾਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੀ 15 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਇਹ ਮਾਮਲਾ ਜ਼ਰੂਰ ਉਠਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਅਤੇ ਉਤਰ ਪ੍ਰਦੇਸ਼ ਦੇ 40 ਜ਼ਿਲ੍ਹੇ ਆਉਂਦੇ ਹਨ। ਉਹ ਹਰ ਜ਼ਿਲ੍ਹੇ ਦਾ ਦੌਰਾ ਕਰਕੇ ਸਿੱਖਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਅਤੇ ਅਮਨਦੀਪ ਸਿੰਘ ਪੂਨੀਆਂ ਵੀ ਮੌਜੂਦ ਸਨ।
ਇਸ ਮਗਰੋਂ ਸ੍ਰੀ ਰਾਏ ਨੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਅੰਦਰ ਘੱਟ ਗਿਣਤੀ ਫਿਰਕਿਆਂ ਦੀ ਭਲਾਈ ਲਈ ਕੀਤੇ ਜਾਂਦੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਮੁਖੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦਾ ਲਾਭ ਯੋਗ ਬਿਨੈਪਾਤਰੀਆਂ ਤੱਕ ਪੁੱਜਦਾ ਕਰਨ ਲਈ ਤਿੰਨ ਮਹੀਨਿਆਂ ਮਗਰੋਂ ਪ੍ਰਗਤੀ ਸਮੀਖਿਆ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੰਤਰਾਲੇ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।