ਚੰਡੀਗੜ੍ਹ, 13 ਦਸੰਬਰ
ਕਾਂਗਰਸ ਦੇ ਤਿੰਨ ਸੀਨੀਅਰ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਵਿਰੁੱਧ ਬਿਆਨਬਾਜ਼ੀ ਕਰਨ ਦੇ ਮਾਮਲੇ ’ਤੇ ਕਿਹਾ ਹੈ ਕਿ ਸੁਖਬੀਰ ਬਾਦਲ ਹਾਰ ਤੋਂ ਬੌਖਲਾ ਗਏ ਹਨ ਤੇ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ ਤੇ ਹਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ, ਜਿਨ੍ਹਾਂ ਨੇ ਆਪਣੀ ਪਿਛਲੀ ਸਰਕਾਰ ਸਮੇਂ ਬਾਦਲ ਪਿਓ-ਪੁੱਤ ਨੂੰ ਜੇਲ੍ਹ ਵਿੱਚ ਬੰਦ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਛੋਟੇ ਬਾਦਲ ਨੂੰ ਮੁੱਖ ਮੰਤਰੀ ਬਾਰੇ ਅਜੇ ਵੀ ਕੋਈ ਭੁਲੇਖਾ ਹੈ ਤਾਂ ਉਹ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਵੀ ਸੂਬੇ ਦੇ ਲੋਕ ਅਕਾਲੀਆਂ ਦੇ ਦਸ ਸਾਲ ਦੇ ‘ਮਾੜੇ ਰਾਜ ਭਾਗ’ ਨੂੰ ਭੁੱਲੇ ਨਹੀਂ, ਜਿਸ ਵਿੱਚ ਸੂਬੇ ਦੀ ਜਵਾਨੀ ਨੂੰ ਬਰਬਾਦ ਕੀਤਾ ਗਿਆ ਸੀ।