ਜਲੰਧਰ, 11 ਦਸੰਬਰ
ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੇ ਜਾਣ ਬਾਅਦ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਸੜਕਾਂ ਜਾਮ ਕਰਨ ਦੇ ਦੋਸ਼ ਹੇਠ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਣੇ 2200 ਅਕਾਲੀਆਂ ’ਤੇ ਦਰਜ ਕੇਸਾਂ ਨੂੰ ਅੰਜਾਮ ਤਕ ਪਹੁੰਚਾਇਆ ਜਾਵੇਗਾ। ਇਹ ਐਲਾਨ ਅੱਜ ਇਥੇ ਕਾਂਗਰਸ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਂਝੇ ਤੌਰ ’ਤੇ ਕੀਤਾ।
ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਧਾਰਾ 307 ਦਾ ਕੋਈ ਪਰਚਾ ਰੱਦ ਨਹੀਂ ਕੀਤਾ ਗਿਆ ਅਤੇ ਜਾਂਚ ਬਾਅਦ ਮੁਕੰਮਲ ਕਾਨੂੰਨੀ ਕਾਰਵਾਈ ਹੋਵੇਗੀ। ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪਰਚੇ ਰੱਦ ਕਰਨ ਦੇ ਵਾਅਦੇ ਕਰਨ ਵਾਲੇ ਆਈਜੀ ਤੇ ਡੀਆਈਜੀ ਰੈਂਕ ਦੇ ਅਫ਼ਸਰਾਂ ’ਤੇ ਵੀ ਕਾਰਵਾਈ ਕੀਤੀ ਜਾਵੇ। ਸ੍ਰੀ ਜਾਖੜ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਸੁਖਬੀਰ ਬਾਦਲ ਸਣੇ 2200 ਅਕਾਲੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਦਿਨ ਹੋਈਆਂ ਝੜਪਾਂ ਬਾਰੇ ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀਆਂ ਵੱਲੋਂ ਗੋਲੀਆਂ ਚਲਾਏ ਜਾਣ ਦੇ ਉਨ੍ਹਾਂ ਕੋਲ ਵੀਡੀਓ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਐਨੀ ਸਮਝ ਹੋਣੀ ਚਾਹੀਦੀ ਹੈ ਕਿ ਦਰਜ ਕੀਤੇ ਪਰਚੇ ਬਿਨਾਂ ਜਾਂਚ ਦੇ ਰੱਦ ਨਹੀਂ ਹੋ ਸਕਦੇ। ਸੁਖਬੀਰ ਬਾਦਲ ਅਤੇ ਹੋਰ ਅਕਾਲੀਆਂ ਦੀ ਗ੍ਰਿਫ਼ਤਾਰੀ ਦੇ ਸਵਾਲ ’ਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਭ ਦਾ ਨੰਬਰ ਲੱਗੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਕੈਪਟਨ ਅਮਰਿੰਦਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਬਾ-ਇੱਜ਼ਤ ਧਰਨੇ ਤੋਂ ਉਠਾਇਆ, ਨਹੀਂ ਤਾਂ ਅਕਾਲੀਆਂ ਨਾਲ ਉਨ੍ਹਾਂ ਵਾਲਾ ਤਰੀਕਾ ਵੀ ਵਰਤਿਆ ਜਾ ਸਕਦਾ ਸੀ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੁਖਬੀਰ ਆਪਣਾ ਵੇਲਾ ਯਾਦ ਕਰੇ ਜਦੋਂ ਉਸ ਨੇ ਨਗਰ ਨਿਗਮ ਚੋਣਾਂ ਵੇਲੇ ਅੰਮ੍ਰਿਤਸਰ ’ਚ ਕਾਂਗਰਸ ਦੇ 18 ਕੌਂਸਲਰ ਹੀ ਘਰੋਂ ਚੁਕਵਾ ਦਿੱਤੇ ਸਨ ਅਤੇ ਜਿੱਤੇ ਹੋਇਆ ਨੂੰ ਹਾਰਿਆ ਐਲਾਨ ਦਿੱਤਾ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਕੋਈ ਪੁਲੀਸ ਅਫ਼ਸਰ ਨਰਮ ਪਿਆ ਤਾਂ ਉਸ ’ਤੇ ਸਖ਼ਤੀ ਕੀਤੀ ਜਾਵੇਗੀ। ਸ੍ਰੀ ਜਾਖੜ ਨੇ ਕਿਹਾ ਕਿ ਦੋ ਸਾਲ ਪਹਿਲਾਂ ਪੰਥਕ ਕਹਾਉਣ ਵਾਲੇ ਅਕਾਲੀਆਂ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨੂੰ ਹੀ ਮਾਰੂ ਹਥਿਆਰ ਮੰਨ ਕੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤੇ ਸਨ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਗੋਲੀ ਚਲਾਈ ਗਈ ਸੀ, ਜੋ ਜਬਰ ਦੀ ਇੰਤਹਾ ਸੀ। ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ’ਚ ਸ਼ਾਂਤੀਪੂਰਵਕ ਧਰਨੇ ’ਤੇ ਬੈਠੇ 20 ਸਾਲਾ ਜਸਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ ਅਤੇ ਸੁਖਬੀਰ ਬਾਦਲ ਦੱਸੇ ਕਿ ਉਸ ਦਾ ਕੀ ਕਸੂਰ ਸੀ?