ਚੰਡੀਗੜ੍ਹ, 24 ਜੁਲਾਈ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲੀਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਕਥਿਤ ਨਾਜਾਇਜ਼ ਤੰਗ-ਪਰੇਸ਼ਾਨ ਕਰਨ ਤੋਂ ਵਰਜਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਵਿੱਢੀ ਸਿਆਸੀ ਬਦਲਾਖ਼ੋਰੀ ਦੀ ਨੀਤੀ ਦਾ ਹਿੱਸਾ ਨਾ ਬਣਨ। ਉਨ੍ਹਾਂ ਕਿਹਾ ਕਿ ਸੱਤਾ ਬਦਲੀ ’ਤੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਕਈ ਮਾਮਲਿਆਂ ਵਿੱਚ ਵਿਜੀਲੈਂਸ ਵੱਲੋਂ ਅਕਾਲੀਆਂ ਨੂੰ ਕਥਿਤ ਨਾਜਾਇਜ਼ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਕੁਝ ਚੋਣਵੇਂ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਡਰਾ-ਧਮਕਾ ਕੇ ਕਾਂਗਰਸੀ ਸਫ਼ਾਂ ਵੱਲ ਖਿੱਚਣ ਦਾ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੂਬਾ ਪੁਲੀਸ ਨੂੰ ਸਿਆਸੀ ਕਿੜਾਂ ਕੱਢਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਸੇਧ ਲੈ ਕੇ ਕੰਮ ਕੀਤਾ ਜਾਵੇ ਤੇ ਕਿਸੇ ਬਾਹਰੀ ਪ੍ਰਭਾਵ, ਖਾਸ ਕਰਕੇ ਸੱਤਾਧਾਰੀ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਝੂਠੀ ਭਾਵਨਾ ਥੱਲੇ ਆ ਕੇ ਕਾਰਜ ਕਰਨਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।