ਚੰਡੀਗੜ੍ਹ ,7 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਨਾ ਕਰਨ ਅਤੇ ਰਾਜ ਸਰਕਾਰ ਨੂੰ ਕਹਿਣ ਕਿ ਪੈਟਰੋਲੀਅਮ ਵਸਤਾਂ ਉੱਤੇ ਲਾਏ ਭਾਰੀ ਟੈਕਸਾਂ ਨੂੰ ਘਟਾ ਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕਰੇ। ਅੱਜ ਇੱਥੇ ਸੀਨੀਅਰ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ,  ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਸਰਕਾਰ ਇਹ ਪਹਿਲਕਦਮੀ ਕਰਦੀ ਹੈ ਤਾਂ ਉਨ੍ਹਾਂ ਦਾ ਕੇਂਦਰ ਕੋਲੋਂ ਅਜਿਹੀ ਕਟੌਤੀ ਦੀ ਮੰਗ ਕਰਨ ਦਾ ਨੈਤਿਕ ਦਾਅਵਾ ਮਜ਼ਬੂਤ ਹੋ ਜਾਵੇਗਾ।  ਅਕਾਲੀ ਆਗੂਆਂ ਨੇ ਜਾਖੜ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਦੇ ਡਿੱਗ ਰਹੇ ਅਕਸ ਨੂੰ ਬਚਾਉਣ ਲਈ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।