ਸੰਗਰੂਰ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਖਿਲਾਫ਼ ਪਾਰਟੀ ਵਰਕਰਾਂ ਨੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ। ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਦੇ ਦਸਤਾਵੇਜ਼ ਰੱਦ ਕਰ ਦਿੱਤੇ ਗਏ ਸਨ ਅਤੇ ਉਹ ਉਭਾਵਾਲ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਚੋਣ ਲੜ ਰਹੇ ਸਨ।

ਕਾਕੜਾ ਜ਼ੋਨ ਤੋਂ ਬਲਾਕ ਪੰਚਾਇਤ ਸਮਿਤੀ ਦੀ ਅਕਾਲੀ ਉਮੀਦਵਾਰ ਸ਼ਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਵੀ ਰੱਦ ਕਰ ਦਿੱਤੇ ਗਏ ਹਨ। ਇਸ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਇਖ਼ਲਾਕੀ ਤੌਰ ’ਤੇ ਹਾਰ ਮੰਨ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਹਾਰ ਨਜ਼ਰ ਆ ਰਹੀ ਹੈ ਤੇ ਕਾਗਜ਼ਾਤ ਕਥਿਤ ਦਬਾਅ ਪਾ ਕੇ ਰੱਦ ਕੀਤੇ ਜਾ ਰਹੇ ਹਨ। ਇਸ ਮੌਕੇ ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਰਿਪੂਦਮਨ ਢਿੱਲੋਂ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।