ਗੁਰਦਾਸਪੁਰ, ‘‘ਸ਼੍ਰੋਮਣੀ ਅਕਾਲ ਦਲ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਾ ਹੈ ਅਤੇ ਬੁਖਲਾਹਟ ਵਿੱਚ ਆਇਆ ਬਾਦਲ ਪਰਿਵਾਰ ਹੁਣ ਆਪਣਾ ਵਜੂਦ ਬਚਾਉਣ ਦੀ ਅਸਫ਼ਲ ਕੋਸ਼ਿਸ਼ ਕਰ ਰਿਹਾ ਹੈ।’’
ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਵਾਸ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਜੇਤੂ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ।
ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਲਈ ਪਛਤਾਵਾ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸੂਬੇ ਦੇ ਲੋਕ ਅਸਲੀਅਤ ਤੋਂ ਭਲੀ-ਭਾਂਤੀ ਜਾਣੂ ਹਨ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂ ਪਾਰਟੀ ਵਿੱਚ ਔਖ ਮਹਿਸੂਸ ਕਰ ਰਹੇ ਹਨ ਅਤੇ ਸੁਖਦੇਵ ਸਿੰਘ ਢੀਂਡਸਾ ਦਾ ਅਸਤੀਫ਼ਾ ਇਸ ਦੀ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਜਥੇਦਾਰ ਤਲਵੰਡੀ ਬਾਦਲਾਂ ਮੁਤਾਬਕ ਨਹੀਂ ਚੱਲੇ ਸਨ ਤਾਂ ਉਨ੍ਹਾਂ ਨੂੰ ਰਸਤੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਹੂੰਝਾਫੇਰ ਜਿੱਤ ਨੇ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਉਪਰਾਲਿਆਂ ਨਾਲ ਰਣਜੀਤ ਸਾਗਰ ਡੈਮ ਦਾ ਕੰਮ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੁਰਦਾਸਪੁਰ ਵਿਚ ਛੇਤੀ ਮੈਡੀਕਲ ਕਾਲਜ ਦੀ ਉਸਾਰੀ ਸ਼ੁਰੂ ਹੋਣ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਤੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਹਾਜ਼ਰ ਸਨ।