ਚੰਡੀਗੜ੍ਹ, 2 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪਾਰਟੀ ਆਗੂਆਂ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਬੀਬੀ ਜਗੀਰ ਕੌਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਸੰਮਨ ਜਾਰੀ ਹੋਣ ਤੋਂ ਬਾਅਦ  ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਖਹਿਰਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਜਾਵੇ।
ਅਕਾਲੀ ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਦਾ ਨਾਂ ਬੋਲਦਾ ਹੋਣ ਦੇ ਬਾਵਜੂਦ ਉਸ ਨੂੰ ਵਿਰੋੋਧੀ ਧਿਰ ਦਾ ਆਗੂ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੇ ਮੁੱਦੇ ਉੱਤੇ ਹੁਣ ਉਨ੍ਹਾਂ ਦਾ ਕੀ ਸਟੈਂਡ ਹੈ, ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਗਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਨਸ਼ਾ ਤਸਕਰ ਗੁਰਦੇਵ ਸਿੰਘ ਅਤੇ ਸੁਖਪਾਲ ਖਹਿਰਾ ਵਿਚਾਲੇ ਹੋਈਆਂ 77 ਫੋਨ ਕਾਲਾਂ ਤੋਂ ਉਸ ਦੀ ਇਸ ਮਾਮਲੇ ਵਿੱਚ ਸ਼ਮੂਲੀਅਤ ਸਾਫ਼ ਝਲਕਦੀ ਹੈ। ਗੁਰਦੇਵ ਸਿੰਘ ਨੂੰ ਸ੍ਰੀ ਖਹਿਰਾ ਨੇ ਹੀ ਢਿੱਲਵਾਂ ਮਾਰਕੀਟ ਕਮੇਟੀ ਦਾ ਪ੍ਰਧਾਨ ਵੀ ਨਾਮਜ਼ਦ ਕੀਤਾ ਸੀ। ਨਸ਼ਾ ਤਸਕਰੀ ਮਾਮਲੇ ਵਿੱਚ ਗੁਰਦੇਵ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਡਾ. ਦਲਜੀਤ ਸਿੰਘ ਚੀਮਾ ਅਤੇ ਬੀਬੀ ਜਗੀਰ ਕੌਰ ਸਮੇਤ ਅਕਾਲੀ ਦਲ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਅਦਾਲਤੀ ਰਿਕਾਰਡ ਵਿੱਚ ਸ੍ਰੀ ਖਹਿਰਾ ਦੇ ਦੋਸ਼ੀ ਨਾਲ ਨੇੜਲੇ ਸਬੰਧਾਂ ਬਾਰੇ ਸਾਹਮਣੇ ਆਏ ਤਾਜ਼ਾ ਸਬੂਤ ਮਗਰੋਂ ਉਹ ਤੁਰੰਤ ਸ੍ਰੀ ਖਹਿਰਾ ਦੀ ਗ੍ਰਿਫ਼ਤਾਰੀ ਦਾ ਹੁਕਮ ਦੇਣ।
ਇਸ ਦੌਰਾਨ ਪੰਜਾਬ ਭਾਜਪਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਕੋਈ ਆਮ ਘਟਨਾ ਨਹੀਂ ਹੈ, ਕਿਉਂਕਿ ਸੰਮਨ ਪੁਲੀਸ ਜਾਂ ਕਿਸੇ ਜਾਂਚ ਏਜੰਸੀ ਨੇ ਨਹੀਂ, ਬਲਕਿ ਅਦਾਲਤ ਨੇ ਭੇਜਿਆ ਹੈ। ਇਸ ਲਈ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਗਰੇਵਾਲ ਅਤੇ ਜੋਸ਼ੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਜੇਕਰ ਸ੍ਰੀ ਖਹਿਰਾ ਅਸਤੀਫ਼ਾ ਨਹੀਂ ਦਿੰਦੇ ਤਾਂ ਵਿਧਾਇਕ ਦਲ ਦੀ ਮੀਟਿੰਗ ਸੱਦ ਕੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਹਟਾਇਆ ਜਾਵੇ।

ਖਹਿਰਾ ਨੇ ਵਿਰੋਧੀ ਧਿਰ ਦੇ ਆਗੂ ਦਾ ਹੱਕ ਗੁਆਇਆ: ਜਾਖੜ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਨਸ਼ਿਆਂ ਦੇ ਮਾਮਲੇ ਵਿੱਚ ਫ਼ਾਜ਼ਿਲਕਾ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੇ ਹਨ। ਇਸ ਲਈ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।