ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸੈਸ਼ਨ 27 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਇਸ ਸੈਸ਼ਨ ਦਾ ਸਮਾਂ ਵਧਾਉਣ ਦੀ ਲਗਾਤਾਰ ਮੰਗ ਕਰ ਰਹੀ ਹੈ। ਇਸੇ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ‘ਚ ਇਸ ਵਿਧਾਨ ਸਭਾ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮਸਲਿਆਂ ਦੀ ਸੂਚੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਸੂਚੀ ਨੂੰ ਦੇਖ ਕੇ ਸਮਾਂ ਵਧਾਉਣ ਦੀ ਮੰਗ ਕੀਤੀ। ਸਪੀਕਰ ਨੂੰ ਮੈਮੋਰੈਂਡਮ ਸੌਂਪਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਸਰਕਾਰ ਆਪਣੀ ਸਥਿਤੀ ਸਪੱਸ਼ਠ ਕਰੇ ਕਿ ਕਦੋਂ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਦੇ ਮਾਮਲੇ ‘ਤੇ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਇਹ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਹਾਲਾਤ ‘ਚ ਖਹਿਰਾ ਦਾ ਵਿਧਾਨ ਸਭਾ ‘ਚ ਬੈਠਣਾ ਉਚਿਤ ਹੈ ਜਾਂ ਨਹੀਂ।