ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਆਪਣੀ ਦੂਜੀ ਪੋਲ ਖੋਲ੍ਹ ਰੈਲੀ 15 ਸਤੰਬਰ ਨੂੰ ਫਰੀਦਕੋਟ ਵਿਖੇ ਕੱਢੀ ਜਾਵੇਗੀ, ਇਸ ਰੈਲੀ ਦਾ ਮੁੱਖ ਮੰਤਵ ਕਾਂਗਰਸ ਦੀ ਅਗਵਾਈ ‘ਚ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਵਾਹ ਲਾ ਰਹੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰਨਾ ਹੈ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਰੈਲੀ ਦੀ ਪ੍ਰਧਾਨਗੀ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।ਸਾਬਕਾ ਸਿੱਖਿਆ ਮੰਤਰੀ ਅਤੇ ਪਾਰਟੀ ਤਰਜਮਾਨ ਡਾਕਟਰ ਦਿਲਜੀਤ ਚੀਮਾ ਨੇ ਕਿਹਾ ਕਿ ਮੌਜੂਦਾ ਲੜੀ ਤਹਿਤ ਪਹਿਲੀ ਪੋਲ ਖੋਲ੍ਹ ਰੈਲੀ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਦਾ ਹੰਕਾਰ ਤੋੜਣ ਲਈ 9 ਸਤੰਬਰ ਨੂੰ ਅਬੋਹਰ ਵਿਖੇ ਕੀਤੀ ਜਾਵੇਗੀ, ਜਿਸ ਨੇ ਅਕਾਲੀ ਆਗੂਆਂ ਨੂੰ ਇਹ ਚੁਣੌਤੀ ਦਿੱਤੀ ਹੈ ਕਿ ਉਹਨਾਂ ਨੂੰ ਪਿੰਡਾਂ ਵਿਚ ਵੜਣ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਫਰੀਦਕੋਟ ਵਾਲੀ ਰੈਲੀ ਅਕਾਲੀ ਦਲ ਦੀ ਲੜਾਈ ਨੂੰ ਹੋਰ ਤੇਜ਼ ਕਰਦੀ ਹੋਈ ਉਹਨਾਂ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕਰੇਗੀ, ਜਿਹੜੇ ਸੂਬੇ ਅੰਦਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।