ਨਵੀਂ ਦਿੱਲੀ, 8 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ ਆਗੂਆਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਰੋਸ ਧਰਨਾ ਵੀ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੂੰ ਖਦੇੜਨ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਜਲ ਤੋਪਾਂ ਦੇ ਮੂੰਹ ਵੀ ਖੋਲ੍ਹੇ। ਇਹ ਰੋਸ ਮੁਜ਼ਾਹਰਾ ‘ਆਪ‘ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਨਸ਼ਿਆਂ ਬਾਰੇ ਕੂੜ ਪ੍ਰਚਾਰ ਕਰਨ ਅਤੇ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੂੰ ਫਾਜ਼ਿਲਕਾ ਦੀ ਅਦਾਲਤ ਵੱਲੋਂ ਨਸ਼ਿਆਂ ਦੀ ਤਸਕਰੀ ਦੇ ਕੇਸ ਵਿਚ ਤਲਬ ਕੀਤਾ ਹੈ, ਦੇ ਮਾਮਲੇ ਵਿਚ ਧਾਰੀ ਚੁੱਪ ‘ਤੇ ਕੀਤਾ ਗਿਆ। ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਕਿਹਾ ਕਿ ਤਾਕਤ ਦੀ ਵਰਤੋਂ ਪੰਜਾਬੀਆਂ ਦੀ ਆਵਾਜ਼ ਨਹੀਂ ਦਬਾ ਸਕਦੀ। ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਹ ਸ੍ਰੀ ਖਹਿਰਾ ਖਿਲਾਫ ਕਾਰਵਾਈ ਤੋਂ ਕਿਉਂ ਡਰ ਰਹੇ ਹਨ? ਇਸ ਮੌਕੇ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਹਿਤ ਅਤੇ ਹੋਰ ਮੌਜੂਦ ਸਨ।