ਅੰਮ੍ਰਿਤਸਰ/ਯਮੁਨਾਨਗਰ, 28 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਸਿੱਖਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਿੱਖ ਵਿੱਚ ਹਰਿਆਣਾ ਵਿੱਚ ਆਜ਼ਾਦ ਤੌਰ ’ਤੇ ਚੋਣਾਂ ਲੜੀਆਂ ਜਾਣਗੀਆਂ। ਉਹ ਇੱਥੇ ਹਰਿਆਣਾ ਦੇ ਯਮੁਨਾਨਗਰ ਵਿੱਚ ਕਿਲ੍ਹਾ ਲੋਹਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ ਸੀ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਸਿੱਖ ਕੌਮ ਨੂੰ ਸੁਚੇਤ ਕੀਤਾ ਕਿ ਇਸ ਵੇਲੇ ਕੁਝ ਤਾਕਤਾਂ ਸਿੱਖ ਕੌਮ ਨੂੰ ਪਾੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਸਿੱਖ ਮਸਲਿਆਂ ਦੀ ਅੱਗੇ ਹੋ ਕੇ ਪੈਰਵੀ ਕੀਤੀ ਹੈ। ਦੇਸ਼ ਜਾਂ ਵਿਦੇਸ਼ ਵਿੱਚ ਕਿਸੇ ਵੀ ਥਾਂ ’ਤੇ ਜਦੋਂ ਸਿੱਖਾਂ ’ਤੇ ਕੋਈ ਮੁਸ਼ਕਲ ਆਈ ਹੈ ਤਾਂ ਇਨ੍ਹਾਂ ਸਿੱਖ ਸੰਸਥਾਵਾਂ ਨੇ ਅੱਗੇ ਹੋ ਕੇ ਲੜਾਈ ਲੜੀ ਹੈ। ਉਨ੍ਹਾਂ ਨੇ ਹਰਿਆਣਾ ਦੇ ਸਿੱਖਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਉਹ ਇਕਜੁੱੱਟ ਹੋ ਕੇ ਸੂਬੇ ਵਿੱਚ ਸਿੱਖਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਜ਼ਾਦ ਤੌਰ ’ਤੇ ਲੜੀਆਂ ਜਾਣਗੀਆਂ। ਦੱਸਣਯੋਗ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਨਾਲ ਭਾਈਵਾਲੀ ਹੈ, ਪਰ ਹਰਿਆਣਾ ਵਿੱਚ ਚੌਟਾਲਾ ਪਰਿਵਾਰ ਨਾਲ ਸਾਂਝ ਹੋਣ ਕਾਰਨ ਭਾਜਪਾ ਨਾਲ ਦੂਰੀ ਬਣੀ ਹੋਈ ਹੈ।
ਸਮਾਗਮ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਲ੍ਹਾ ਲੋਹਗੜ੍ਹ ਦਾ ਸਥਾਪਨਾ ਦਿਵਸ ਸਬੰਧੀ ਸਮਾਗਮ ਹਰ ਸਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇੱਥੇ ਦਸ ਏਕੜ ਰਕਬੇ ਵਿੱਚ ਗੁਰਦੁਆਰੇ ਦੀ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਦੀ ਚਾਰਦੀਵਾਰੀ ਦਾ ਕੰਮ ਵੀ ਛੇਤੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਲੋਹਗੜ੍ਹ ਦੇ ਵਿਕਾਸ ਲਈ ਸ਼੍ਰੋਮਣੀ ਕਮੇਟੀ ਕੋਈ ਕਸਰ ਬਾਕੀ ਨਹੀਂ ਰਹਿਣ ਦੇਵੇਗੀ। ਲੋੜ ਪੈਣ ’ਤੇ ਹੋਰ ਜ਼ਮੀਨ ਖ਼ਰੀਦੀ ਜਾ ਸਕਦੀ ਹੈ।
ਸਮਾਗਮ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ ਤੇ ਸ਼ਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਆਈ ਸੰਗਤ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ।