ਅੰਮ੍ਰਿਤਸਰ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ’ਤੇ ਲੱਗੇ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ ਇਖਲਾਕੀ ਤੌਰ ’ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹ ਅੱਜ ਕਾਂਗਰਸ ਦਿਹਾਤੀ ਦੇ ਦਫਤਰ ਵਿਚ ਬਲਾਕ ਸਮਿਤੀ ਤੇ ਪੰਚਾਇਤ ਚੋਣਾਂ ਸਬੰਧੀ ਮੀਟਿੰਗ ਕਰਨ ਪੁੱਜੇ ਸਨ।
ਇਨ੍ਹਾਂ ਚੋਣਾਂ ਲਈ ਕਾਂਗਰਸ ਵਲੋਂ ਅੰਮ੍ਰਿਤਸਰ ਦੇ ਅਬਜ਼ਰਵਰ ਨਿਯੁਕਤ ਕੀਤੇ ਗਏ ਸ੍ਰੀ ਰੰਧਾਵਾ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਅਕਾਲ ਤਖਤ ਦੇ ਜਥੇਦਾਰ ਨੂੰ ਬਾਦਲਾਂ ਬਾਰੇ ਵੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸਰੋਤਾਂ ਤੋਂ ਵਧੇਰੇ ਆਮਦਨ ਦੇ ਲੱਗੇ ਦੋਸ਼ਾਂ ਬਾਰੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਜਾਂਚ ਕਰੇ ਅਤੇ ਲੋਕਾਂ ਨੂੰ ਸਥਿਤੀ ਸਪਸ਼ਟ ਕਰੇ, ਇਸ ਮਾਮਲੇ ਵਿਚ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਹੀਂ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ’ਤੇ ਸਰੋਤਾਂ ਤੋਂ ਵੱਧ ਸੰਪਤੀ ਬਣਾਏ ਜਾਣ ਦੇ ਦੋਸ਼ ਲਾਏ ਗਏ ਸਨ।
ਗੁਰਬਾਣੀ ਦੀ ਤੁਕ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਘਿਰੇ ਸ੍ਰੀ ਰੰਧਾਵਾ ਨੇ ਆਖਿਆ ਕਿ ਇਸ ਮਾਮਲੇ ਵਿਚ ਜੇਕਰ ਉਨ੍ਹਾਂ ਨੂੰ ਸਪਸ਼ਟੀਕਰਨ ਲਈ ਅਕਾਲ ਤਖ਼ਤ ’ਤੇ ਤਲਬ ਕੀਤਾ ਗਿਆ ਤਾਂ ਉਹ ਜ਼ਰੂਰ ਜਾਣਗੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਧਰਮ ਨੂੰ ਰਾਜਨੀਤੀ ਹੇਠ ਲੈ ਆਂਦਾ ਹੈ। ਕਈ ਟਕਸਾਲੀ ਤੇ ਸੀਨੀਅਰ ਅਕਾਲੀ ਆਗੂਆਂ ਨੇ ਆਪਣੀ ਜ਼ਮੀਰ ਦੀ ਆਵਾਜ਼ ’ਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਸਿੱਧੇ ਤੇ ਅਸਿੱਧੇ ਢੰਗ ਨਾਲ ਪ੍ਰਸ਼ਨ ਚਿੰਨ੍ਹ ਲਾਇਆ ਹੈ।
ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਗੈਰ ਅੰਮ੍ਰਿਤਧਾਰੀ ਹੋਣ ਦਾ ਵੀ ਦੋਸ਼ ਲਾਇਆ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਠੀਕ ਕਰਾਰ ਦਿੰਦਿਆਂ ਉਨ੍ਹਾਂ ਆਖਿਆ ਕਿ ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ਲੋਕਾਂ ਵਿਚ ਅਕਾਲੀ ਦਲ ਖਿਲਾਫ ਭਾਰੀ ਰੋਸ ਹੈ ਅਤੇ ਲੋਕ ਅਕਾਲੀਆਂ ਨੂੰ ਪਿੰਡਾਂ ਵਿਚ ਦਾਖਲ ਨਹੀਂ ਹੋਣ ਦੇਣਗੇ। ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀਸੀ, ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਜ਼ਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਰਮਨ ਬਖਸ਼ੀ ਹਾਜ਼ਰ ਸਨ।