ਲੁਧਿਆਣਾ, 
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਐਲਾਨ ਕੀਤਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ 3 ਤੋਂ 20 ਫਰਵਰੀ ਵਿਚਕਾਰ ਹੋਣਗੀਆਂ, ਜਿਸ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ। ਉਹ ਗੁੱਜਰਾਂਵਾਲਾ ਵਿੱਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਪਰਵਾਸੀ ਭਾਰਤੀਆਂ, ਖ਼ਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਨਿਵੇਸ਼ ਰਾਹੀਂ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਲੁਧਿਆਣਾ ਨਿਗਮ ਚੋਣਾਂ ਬਾਰੇ ਕਿਹਾ ਕਿ ਕਾਂਗਰਸ ਚੋਣਾਂ ਲਈ ਪੂਰੀ ਤਿਆਰ ਹੈ। ਉਮੀਦਵਾਰਾਂ ਨੂੰ ਟਿਕਟਾਂ ਹਲਕਾ ਵਿਧਾਇਕਾਂ ਦੀ ਸਲਾਹ ਮੁਤਾਬਿਕ ਦਿੱਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ ਨਗਰ ਨਿਗਮ ਵਾਂਗ ਲੁਧਿਆਣਾ ਵਿੱਚ ਵੀ ਹੂੰਝਾਫੇਰ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਕੁਝ ਨਹੀਂ ਕੀਤਾ ਤੇ ਹੁਣ ਜੇਕਰ ਕਾਂਗਰਸੀ ਕੁਝ ਕਰ ਰਹੇ ਹਨ ਤਾਂ ਵਿਰੋਧੀ ਗੱਲਾਂ ਕਰਦੇ ਹਨ। ਉਨ੍ਹਾਂ ਵਿਦੇਸ਼ਾਂ ਵਿੱਚ ਵਸਦੇ ਦੋ ਕਰੋੜ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਕਰਨ। ਪੰਜਾਬ ਸਰਕਾਰ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਸਿੰਗਲ ਵਿੰਡੋ ਸਿਸਟਮ ਰਾਹੀਂ ਭ੍ਰਿਸ਼ਟਾਚਾਰ ਮੁਕਤ ਅਤੇ ਸਨਅਤਾਂ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ।  ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਨਾਮ ’ਤੇ ਕਿਸੇ ਇਕ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿੱਚ ‘ਪਰਵਾਸੀ ਸਾਹਿਤ ਅਧਿਐਨ ਕੇਂਦਰ’ ਸਥਾਪਿਤ ਕਰਨ ਲਈ 25 ਲੱਖ ਰੁਪਏ ਗਰਾਂਟ ਦੇਣ ਦਾ ਵੀ ਐਲਾਨ ਕੀਤਾ।