ਚੰਡੀਗੜ੍ਹ, 5 ਸਤੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਮਿਆਰੀ ਤੇ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਦੇਣ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਦਿਵਸ, ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾ ਭੇਟ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਅਧਿਆਪਕ ਉਨ੍ਹਾਂ ਨੂੰ ਆਪਣੇ ਆਦਰਸ਼ ਵਜੋਂ ਪ੍ਰਚਾਰਨ। ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਤਰਾਸ਼ਣ ਅਤੇ ਵਿਦਿਆਰਥੀਆਂ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲੀਡਰਸ਼ਿਪ ਦੇ ਗੁਣ ਭਰਨ ਦਾ ਸੱਦਾ ਦਿੱਤਾ।