ਚੰਡੀਗੜ੍ਹ, 3 ਨਵੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਸੂਬੇ ’ਚ ਆਪਣੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਅਤੇ ਉਨ੍ਹਾਂ ਨੇ ਆਪਣੀ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਬੇਵਸੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ, ‘ਮੈਂ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਤਿੰਨ ਮਹੀਨੇ ਪਹਿਲਾਂ ਅਸਤੀਫ਼ਾ ਭੇਜ ਕੇ ਇਕ ਖ਼ਤ ਲਿਖਿਆ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀਆਂ ਬਿਕਰਮ ਸਿੰਘ ਮਜੀਠੀਆ, ਤੋਤਾ ਸਿੰਘ ਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖ਼ਿਲਾਫ਼ ਪੰਜਾਬ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਮੈਂ ਕੀ ਕਰਾਂ? ਮੈਂ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਮਹੀਨੇ ਅੰਦਰ ਇਨ੍ਹਾਂ ਆਗੂਆਂ ਨੂੰ ਜੇਲ੍ਹ ’ਚ ਸੁੱਟਣ ਲਈ ਕਿਹਾ ਸੀ ਅਤੇ ਮੈਂ ਹੁਣ ਵੀ ਆਪਣੇ ਸਟੈਂਡ ’ਤੇ ਕਾਇਮ ਹਾਂ। ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੋਲ ਇਹ ਮਸਲਾ 6 ਨਵੰਬਰ ਨੂੰ ਉਠਾਵਾਂਗਾ।’ ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਅਜੇ ਤਕ ਕਾਰਵਾਈ ਕਿਉਂ ਨਹੀਂ ਹੋਈ, ਇਸ ਬਾਰੇ ਕੈਪਟਨ ਅਮਰਿੰਦਰ ਕੋਲੋਂ ਪੁੱਛਾਂਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਇਸ ਨਾਲ ਕਾਂਗਰਸ ਸਰਕਾਰ ਤੇ ਪਾਰਟੀ ਦੋਵਾਂ ਦਾ ਅਕਸ ਖ਼ਰਾਬ ਹੋਵੇਗਾ। ਉਨ੍ਹਾਂ ਮੰਡੀਆਂ ’ਚ ਫ਼ਸਲਾਂ ਦੀ ਚੁਕਾਈ ਨਾਲੋਂ ਨਾਲ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਦੀ ਪ੍ਰਸ਼ੰਸਾ ਕੀਤੀ ਪਰ ਨਸ਼ਿਆਂ ਦੀ ਤਸਕਰੀ ਤੇ ਦਾਗੀ ਅਕਾਲੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ’ਤੇ ਆਪਣਾ ਵਿਰੋਧ ਵੀ ਦਰਜ ਕਰਾਇਆ।
ਦੱਸਣਯੋਗ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਕੈਪਟਨ ਸਰਕਾਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਤਿੱਖੇ ਮਤਭੇਦ ਹਨ। ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਦੇ 40 ਵਿਧਾਇਕਾਂ ਨੇ ਬਿਕਰਮ ਸਿੰਘ ਮਜੀਠਿਆ ਵਿਰੁੱਧ ਕਾਰਵਾਈ ਲਈ ਮੁੱਖ ਮੰਤਰੀ ਨੂੰ ਇਕ ਪੱਤਰ ਵੀ ਦਿੱਤਾ ਸੀ। ਇਨ੍ਹਾਂ ਵਿਧਾਇਕਾਂ ਦੇ ਆਗੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜ਼ਿਮਨੀ ਚੋਣ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਕੈਪਟਨ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਜੇਕਰ ਕਾਰਵਾਈ ਨਾ ਕੀਤੀ ਤਾਂ ਉਹ ਇਸ ਮਾਮਲੇ ਨੂੰ ਜਨਤਕ ਕਰ ਦੇਣਗੇ। ਇਨ੍ਹਾਂ ਵਿਧਾਇਕਾਂ ਤੇ ਇਕ ਕੈਬਨਿਟ ਮੰਤਰੀ ਨੇ ਗੁਰਦਾਸਪੁਰ ਜ਼ਿਮਨੀ ਚੋਣ ’ਚ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ਨੂੰ ਉਭਾਰਿਆ ਸੀ।
ਦੂਜੇ ਪਾਸੇ ਸੀਨੀਅਰ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਰਵਾਈ ਕੀਤੇ ਜਾਣ ਦੀ ਗੱਲ ’ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟਣਗੇ ਤੇ ਜਿਹੜੇ ਸਬੂਤ ਉਨ੍ਹਾਂ ਕੋਲ ਆ ਰਹੇ ਹਨ, ਉਹ ਪੇਸ਼ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ’ਚ ਸਬੂਤਾਂ ਦੀ ਘਾਟ ਨਹੀਂ ਹੈ ਅਤੇ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ’ਤੇ ਖ਼ਰਾ ਉਤਰਨਾ ਚਾਹੀਦਾ ਹੈ।