ਚੰਡੀਗੜ੍ਹ, 6 ਜੂਨ
ਜ਼ਿਮਨੀ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਇਸ ਸਿਲਸਿਲੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੱਲੋਂ ਭਲਕੇ ਦੁਪਹਿਰ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ  ਅਤੇ ਸੀਨੀਅਰ ਆਗੂਆਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਲਗਭਗ ਡੇਢ ਘੰਟਾ ਚੱਲਣ ਦੀ ਸੰਭਾਵਨਾ ਹੈ। ਇਸ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਅਤੇ ਪੰਜਾਬ ਦੇ ਮਸਲਿਆਂ ਬਾਰੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨਾਲ ਮੀਟਿੰਗ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਭਲਕੇ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਆ ਰਹੇ ਹਨ ਅਤੇ ਸੰਭਵ ਹੈ ਕਿ ਪੰਜਾਬ ਦੇ ਮਸਲਿਆਂ ਦੀ ਚਰਚਾ ਹੋਵੇਗੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਅਤੇ ਭਾਈਵਾਲ ਪਾਰਟੀਆਂ ਨੂੰ ਪਿਛਲੇ ਸਮੇਂ ਵਿੱਚ ਜ਼ਿਮਨੀ ਚੋਣਾਂ ਵਿੱਚ ਲਗਾਤਾਰ ਹੋਈਆਂ ਹਾਰਾਂ ਕਾਰਨ ਅਗਲੀਆਂ ਲੋਕ ਸਭਾ ਚੋਣਾਂ ਬਾਰੇ ਚਿੰਤਾ ਖੜ੍ਹੀ ਹੋ ਗਈ ਹੈ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਸਿੱਖਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਹੈ। ਇਸ ਗੱਠਜੋੜ ਰਾਹੀਂ ਭਾਜਪਾ ਵੱਲੋਂ ਬਾਕੀ ਘੱਟ ਗਿਣਤੀਆਂ ਨੂੰ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਭਾਜਪਾ ਘੱਟ ਗਿਣਤੀਆਂ ਦੇ ਵਿਰੁੱਧ ਨਹੀਂ ਹੈ।  ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੀਟਿੰਗ ਵਾਲੀ ਥਾਂ ਦਾ ਦੌਰਾ ਕੀਤਾ। ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕੁਝ ਹੋਰ ਆਗੂ ਵੀ ਸ਼ਾਮਲ ਹੋਣਗੇ। ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਰਹਿਣਗੇ।

ਭਾਈਵਾਲਾਂ ਦੇ ਮੁੱਦਿਆਂ ਨੂੰ ਵਿਚਾਰਨ ਲਈ ਹੋ ਰਹੀ ਹੈ ਬੈਠਕ: ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਰਵਾਇਤੀ ਭਾਈਵਾਲ ਹਨ ਅਤੇ 2019 ਦੀਆਂ ਆਉਂਦੀਆਂ ਆਮ ਚੋਣਾਂ ਦੀ ਤਿਆਰੀ ਲਈ ਸਾਰੇ ਮੁੱਦਿਆਂ ਨੂੰ ਵਿਚਾਰਨ ਲਈ ਭਾਜਪਾ ਪ੍ਰਧਾਨ ਅਮਿਤ ਸ਼ਾਹ ਆ ਰਹੇ ਹਨ। ਉਨ੍ਹਾਂ ਕਿਹਾ,‘‘ਐਨਡੀਏ ਨੂੰ ਸਾਰੇ ਮਤਭੇਦ ਭੁਲਾ ਕੇ ਇਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਚੋਣਾਂ ’ਚ ਜਿੱਤ ਹਾਸਲ ਹੋ ਸਕੇ।’’ ਉਨ੍ਹਾਂ ਕਿਹਾ ਕਿ ਐਨਡੀਏ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਂਜ ਸ੍ਰੀ ਬਾਦਲ ਨੇ ਬੈਠਕ ’ਚ ਉਠਾਏ ਜਾਣ ਵਾਲੇ ਵੇਰਵਿਆਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।