ਚੰਡੀਗੜ੍ਹ, 30 ਨਵੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਰਹਿੰਦੀ ਅਰੂਸਾ ਆਲਮ ਦੇਸ਼ ਲਈ ਖ਼ਤਰਾ ਹੈ। ਸ੍ਰੀ ਖਹਿਰਾ ਨੇ ਵਿਧਾਨ ਸਭਾ ਵਿਚ ਬੈਂਸ ਭਰਾਵਾਂ ਵੱਲੋਂ ਉਨ੍ਹਾਂ ਦੇ ਮਾਮਲੇ ਵਿੱਚ 35 ਲੱਖ ਰੁਪਏ ਦੇ ਲੈਣ-ਦੇਣ ਬਾਰੇ ਜਾਰੀ ਆਡੀਓ ਦੇ ਸਬੰਧ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਭੜਕਦਿਆਂ ਕੈਪਟਨ ਉਪਰ ਵੱਡੇ ਹਮਲੇ ਕੀਤੇ ਅਤੇ ਇੱਕ ਵਾਰ ਉਹ ਭਾਵਕ ਹੋ ਕੇ ਕਈ ਤਿੱਖੇ ਸ਼ਬਦ ਵੀ ਬੋਲ ਗਏ।  ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੈ।
ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਪਾਕਿਸਤਾਨ ਦੀਆਂ ਏਜੰਸੀਆਂ ਨੇ ਖ਼ੁਦ ਅਰੂਸਾ ਨੂੰ ਕਥਿਤ ਤੌਰ ’ਤੇ ਕੈਪਟਨ ਦੇ ਸਰਕਾਰੀ ਮਕਾਨ ਵਿੱਚ ਪਲਾਂਟ ਕੀਤਾ ਹੈ। ਇਕ ਪਾਸੇ ਫੌਜੀ ਦੇਸ਼ ਦੀ ਰੱਖਿਆ ਲਈ ਕੁਰਬਾਨੀਆਂ ਦੇ ਰਹੇ ਹਨ ਅਤੇ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਦੇ ਘਰ  ਕਥਿਤ ਤੌਰ ’ਤੇ ਪਾਕਿਸਤਾਨ ਦੀ ‘ਜਾਸੂਸ’ ਰਹਿ ਰਹੀ ਹੈ। ਉਨ੍ਹਾਂ ਕਿਹਾ ਕਿ ਆਰੂਸਾ ਆਲਮ ਪਾਕਿਸਤਾਨ ਵਿੱਚ ਸੁਰੱਖਿਆ ਮਾਮਲਿਆਂ ਦੀ ਵਿਸ਼ਲੇਸ਼ਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਆਡੀਓ ਬਾਰੇ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਉਨ੍ਹਾਂ ਨੂੰ ਨਿਆਂਪਾਲਿਕਾ  ਤੋਂ ਇਨਸਾਫ਼ ਮਿਲਣ ਵਿੱਚ ਰੁਕਾਵਟ ਪਾਉਣ ਦਾ ਯਤਨ ਕੀਤਾ ਹੈ ਤੇ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ 35 ਲੱਖ ਰੁਪਏ ਕਥਿਤ ਤੌਰ ’ਤੇ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਮੁਹਈਆ ਕਰਵਾਏ ਗਏ ਹਨ।
ਸ੍ਰੀ ਖਹਿਰਾ ਨੇ ਕਿਹਾ ਕਿ ਸਾਫ਼ ਹੋ ਗਿਆ ਹੈ ਕਿ ਸਰਕਾਰ ਨੇ ਹੀ ਉਨ੍ਹਾਂ ਨੂੰ ਨਸ਼ੇ ਦੇ ਮਾਮਲੇ ਵਿੱਚ ਫਸਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਬ੍ਰਹਮ ਮਹਿੰਦਰਾ ਤੋਂ ਉਨ੍ਹਾਂ ਨੂੰ ਅਜਿਹੀ ਆਸ ਨਹੀਂ ਸੀ। ਸ੍ਰੀ ਖਹਿਰਾ ਨੇ ਕਿਹਾ ਕਿ ਸਰਕਾਰ ਨੇ ਇਹ ਮਤਾ ਬੈਂਸ ਭਰਾਵਾਂ ਵਿਰੁੱਧ ਇਸ ਲਈ ਲਿਆਂਦਾ ਹੈ ਕਿਉਂਕਿ ਸਿਮਰਜੀਤ ਬੈਂਸ ਨੇ ਵਿਜੀਲੈਂਸ ਵੱਲੋਂ ਕੈਪਟਨ ਵਿਰੁੱਧ ਇੱਕ ਕੇਸ ਬੰਦ ਕਰਨ ਲਈ ਚਲਾਈ ਪ੍ਰਕਿਰਿਆ ਦਾ ਵਿਰੋਧ ਕੀਤਾ ਹੈ।

ਸਾਜਿ਼ਸ਼ ਤਹਿਤ ਪਾਸ ਕੀਤਾ ਮਤਾ: ਬੈਂਸ

ਵਿਧਾਇਕ ਸਿਮਰਜੀਤ ਬੈਂਸ ਨੇ ਦੋਸ਼ ਲਾਇਆ ਕਿ ਆਡੀਓ ਬਾਰੇ ਮਤਾ ਲਿਆਉਣ ਤੋਂ ਪਹਿਲਾਂ ਵਿਧਾਇਕਾਂ ਨੂੰ ਇਸ ਦੀਆਂ ਕਾਪੀਆਂ ਤੱਕ ਨਹੀਂ ਦਿੱਤੀਆਂ ਗਈਆਂ ਤੇ ਸਾਜ਼ਿਸ਼ ਤਹਿਤ ਉਨ੍ਹਾਂ ਵਿਰੁੱਧ ਮਤਾ ਪਾਸ ਕਰਵਾਇਆ ਹੈ।