ਅੰਮ੍ਰਿਤਸਰ — ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦਿਨ-ਦਿਹਾੜੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਦੀ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ 2 ਅਣਪਛਾਤੇ ਲੋਕਾਂ ਵੱਲੋਂ ਵਿਪਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ‘ਚ ਵੀ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਦੋਸ਼ੀ ਸ਼ਰੇਆਮ ਅੰਨ੍ਹੇਵਾਹ ਵਿਪਨ ‘ਤੇ ਗੋਲੀਆਂ ਵਰਾਉਂਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਸ਼ਰੇਆਮ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰੇ ਜਾਣ ਦੇ ਮਾਮਲੇ ਦਿਨ-ਬ-ਦਿਨ ਵੱਧਦੇ ਜਾ ਰਹੇ। ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ‘ਚੋਂ 2 ਨੇ ਵਿਪਨ ‘ਤੇ ਗੋਲੀਆਂ ਮਾਰ ਕੇ ਹੱਤਿਆ ਕੀਤੀ। ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਲੁਧਿਆਣਾ, ਜਲੰਧਰ, ਮਾਲੇਰਕੋਟਲਾ ‘ਚ ਵੀ ਅਜਿਹੀਆਂ ਵਾਰਦਾਤਾਂ ਵਾਪਰ ਚੁੱਕੀਆਂ ਹਨ।