ਚੰਡੀਗੜ੍ਹ – ‘ਆਪ’ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਦਿੱਲੀ ਵਿਧਾਨ ਸਭਾ ਸੈਸ਼ਨ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ।ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਰਾਜਨੀਤਿਕ ਅਤੇ ਧਾਰਮਿਕ ਹਲਕਿਆਂ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਅਕਾਲੀ ਦਲ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਅਧੀਨ BNS ਦੀ ਧਾਰਾ 299 ਅਧੀਨ ਆਤਿਸ਼ੀ ਮਾਰਲੀਨਾ ਵਿਰੁੱਧ ਤੁਰੰਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਉਸ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਵੀ ਮੰਗ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ।