ਬਠਿੰਡਾ, 31 ਜੁਲਾਈ
ਇੱਥੇ ਸਰਕਟ ਹਾਉੂਸ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਨੇ  2 ਅਗਸਤ ਨੂੰ ਕੀਤੀ ਜਾਣ ਵਾਲੀ ਕਨਵੈਨਸ਼ਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ  ਹਨ ਅਤੇ ਉਨ੍ਹਾਂ ਨੇ ਬੀਤੀ ਰਾਤ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ।
ਸ੍ਰੀ ਖਹਿਰਾ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਪਰ ਉਨ੍ਹਾਂ ਨੂੰ ਕੋਈ ਢੁੱਕਵਾਂ ਹੁੰਗਾਰਾ ਨਹੀਂ ਮਿਲਿਆ। ਹਾਲਾਂਕਿ ‘ਆਪ’ ਵਿਧਾਇਕ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ  ਅਤੇ ਮਨੀਸ਼ ਸਿਸੋਦੀਆ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸੁੱਚਾ ਸਿੰਘ ਛੋਟੋਪੁਰ, ਗੁਰਪ੍ਰੀਤ ਸਿੰਘ  ਘੁੱਗੀ ਨੂੰ ਬਿਨਾਂ ਦੱਸੇ ਪ੍ਰਧਾਨਗੀ ਤੋਂ ਲਾਂਭੇ ਕੀਤਾ ਗਿਆ ਸੀ, ਹੁਣ ਉਨ੍ਹਾਂ ਨੂੰ ਵੀ ਸਿਰਫ਼ ਇੱਕ ਟਵੀਟ ਕਰਕੇ ਹਟਾ ਦਿੱਤਾ ਗਿਆ ਹੈ ਤੇ ਉਹ ਇਸ ਤਰ੍ਹਾਂ ਦੀ ਰਿਮੋਟ ਕੰਟਰੋਲ ਦੀ ਰਾਜਨੀਤੀ  ਨੂੰ ਪਸੰਦ ਨਹੀਂ ਕਰਦੇ। ਸ੍ਰੀ ਖਹਿਰਾ ਨੇ ਕਿਹਾ ਕਿ ਅਹੁਦੇ ਦੀ ਉਨ੍ਹਾਂ ਨੂੰ ਕੋਈ ਭੁੱਖ ਨਹੀਂ ਤੇ ਨਾ ਹੀ ਨਵੀਂ ਪਾਰਟੀ ਬਣਾਉਣ ਦਾ ਕੋਈ ਪ੍ਰਸਤਾਵ ਹੈ। ਉਨ੍ਹਾਂ ਕਿਹਾ ਕਿ 2 ਅਗਸਤ  ਨੂੰ ਆਮ ਆਦਮੀ ਪਾਰਟੀ ਦੀ ਕਨਵੈਨਸ਼ਨ ਦੌਰਾਨ ਉਹ ਵਾਲੰਟੀਅਰਾਂ ਦੀ ਰਾਇ ਮੁਤਾਬਕ ਹੀ ਅਗਲੀ ਰਣਨੀਤੀ ਤੈਅ ਕਰਨਗੇ। ਸ੍ਰੀ  ਖਹਿਰਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ  ਨੂੰ ਵੀ ਕਨਵੈਨਸ਼ਨ ਲਈ ਸੱਦਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਏਕੇ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਫ਼ਿਲਹਾਲ ਉਨ੍ਹਾਂ ਨਾਲ 8 ਵਿਧਾਇਕ ਹਨ ਪਰ ਉਨ੍ਹਾਂ ਦੀ  ਗਿਣਤੀ ਵੱਧ ਕੇ 15 ਵੀ ਹੋ ਸਕਦੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਦਿੱਲੀ ਬੈਠੀ ਪਾਰਟੀ ਹਾਈ ਕਮਾਂਡ ਤੇ ਪੰਜਾਬ ਵਾਸੀ ‘ਆਪ’ ਨੂੰ ਵੱਖੋ-ਵੱਖ ਤਰੀਕਿਆਂ ਨਾਲ ਲੈਂਦੇ ਹਨ।