ਕਪੂਰਥਲਾ,6 ਅਪ੍ਰੈਲ –  ਸਿਹਤ ਵਿਭਾਗ ਕਪੂਰਥਲਾ ਵੱਲੋਂ ਦਿੱਲੀ ਵਿੱਚ ਨਿਜ਼ਾਮੂਦੀਨ ਵਿਖੇ ਹੋਏ ਤਬਲੀਗੀ ਜਮਾਤ ਦੇ ਮਰਕਜ਼ ਵਿੱਚ ਭਾਗ ਲੈ ਕੇ ਵਾਪਸ ਆਏ ਲੋਕਾਂ ਵਿੱਚੋਂ ਕੁੱਲ 33 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਵਿੱਚੋਂ 1 ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਕਪੂਰਥਲਾ ਸ਼ਹਿਰ ਦੇ ਪਿੰਡ ਕੋਟ ਕਰਾਰ ਖਾਂ ਨਿਵਾਸੀ ਅਫਜਲ ਸ਼ੇਖ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ ਅਤੇ ਸਿਹਤ ਵਿਭਾਗ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਪੀੜਤ ਸਿਹਤ ਵਿਭਾਗ ਦੀ ਨਿਗਰਾਨੀ ਵਿੱਚ ਹੀ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਰ ਦਾ ਮਾਹੌਲ਼ ਨਾ ਕਬਣਾਇਆ ਜਾਵੇ ਬਲਕਿ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਏ ਤਾਂ ਜੋ ਸਮੇਂ ਸਿਰ ਪੀੜਤਾਂ ਦੀ ਪਛਾਣ ਕੀਤੀ ਜਾ ਸਕੇ ਤੇ ਇਸ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।ਉਨ੍ਹਾਂ ਲੋਕਾਂ ਨੂੰ ਸਾਫ ਸਫਾਈ ਦਾ ਧਿਆਨ ਰੱਖਣ, ਲਾਕਡਾਊਨ ਦਾ ਪਾਲਣ ਕਰਨ, ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਸਮੇਂ ਸਮੇਂ ਉਤੇ ਜਾਰੀ ਹਦਾਇਤਾਂ ਉਤੇ ਅਮਲ ਕਰਣ ਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਨੂੰ ਲੈ ਕੇ ਤੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਵੱਧਣ ਤੋਂ ਰੋਕਣ ਲਈ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਜਿਲੇ ਦਾ ਆਈ.ਡੀ.ਐੱਸ.ਪੀ. ਵਿਭਾਗ, ਆਰ.ਆਰ.ਟੀ. ਟੀਮਾਂ ਇਸ ਵਾਇਰਸ  ਨੂੰ ਰੋਕਣ ਵਿਚ ਜੁਟੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ  ਕਿ ਉਹ ਸਿਹਤ ਵਿਭਾਗ ਨਾਲ ਸਹਿਯੋਗ ਕਰਨ ਤੇ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੋਵੇ ਉਹ ਸਿਹਤ ਵਿਭਾਗ ਤੇ ਪ੍ਰਸ਼ਾਸਨ ਨਾਲ ਸਾਂਝੀ ਕਰਨ।