ਚੰਡੀਗੜ 28 ਮਈ : ਕਰੋਨਾ ਦੇ ਪਾਜੇਟਿਵ ਪਰ ਲੱਛਣਾਂ ਤੋਂ ਬਗੈਰ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕਰਨ ਵਾਲੀ ਕੇਦਰੀ ਨੀਤੀ ਰੱਦ ਕਰਨ, ਸਰਕਾਰੀ ਖਰਚੇ ਤੇ ਇਹਨਾਂ ਮਰੀਜ਼ਾਂ ਦੇ ਇਲਾਜ, ਸਾਂਭ-ਸੰਭਾਲ, ਸਫ਼ਾਈ ਤੇ ਪੌਸਟਿਕ ਖੁਰਾਕ ਦੇ ਪੁਖਤਾ ਪ੍ਰਬੰਧ ਕਰਨ ਅਤੇ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕੀਤੇ ਜਾਣ ਆਦਿ ਮੰਗਾਂ ਨੂੰ ਲੈਕੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਲੋਂ 10 ਜ਼ਿਲਿਆਂ ਦੇ 55 ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ।ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਲਛਮਣ ਸਿੰਘ ਸੇਵੇਵਾਲਾ ਵਲੋਂ ਜਾਰੀ ਬਿਆਨ ਰਾਹੀਂ ਦਿੱਤੀ ਗਈ । ਉਹਨਾਂ ਦੱਸਿਆ ਕਿ ਇਹ ਪ੍ਰਦਰਸ਼ਨ ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਮੋਗਾ , ਫਰੀਦਕੋਟ, ਲੁਧਿਆਣਾ , ਫਿਰੋਜ਼ਪੁਰ, ਫਾਜਲਿਕਾ ਦੇ ਪਿੰਡਾਂ ਚ ਕੀਤੇ ਗਏ। ਇਕੱਠਾਂ ਨੂੰ ਜਸਵਿੰਦਰ ਸਿੰਘ ਸੋਮਾ, ਮੇਜਰ ਸਿੰਘ ਕਾਲੇਕੇ, ਹਰਿੰਦਰ ਕੌਰ ਬਿੰਦੂ, ਰਾਜਵਿੰਦਰ ਸਿੰਘ ਰਾਮ ਨਗਰ, ਤਰਸੇਮ ਸਿੰਘ ਖੁੰਡੇ ਹਲਾਲ, ਸੰਦੀਪ ਸਿੰਘ ਚੀਮਾ, ਅਮਰਜੀਤ ਸਿੰਘ ਸੈਦੋਕੇ, ਗੁਰਪਾਸ਼ ਸਿੰਘ ਤੇ ਰਾਮ ਸਿੰਘ ਭੈਣੀਬਾਘਾ , ਜਸਪਾਲ ਸਿੰਘ ਨੰਗਲ, ਸੁਦਾਗਰ ਸਿੰਘ ਘੁਡਾਣੀ ਕਲਾਂ ਤੇ ਭਾਗ ਸਿੰਘ ਮਰਖਾਈ ਆਦਿ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਆਖਿਆ ਕਿ ਸਰਕਾਰ ਕਰੋਨਾ ਮਰੀਜ਼ਾਂ ਦੇ ਇਲਾਜ ਤੇ ਸਾਂਭ ਸੰਭਾਲ ਪ੍ਰਤੀ ਗੰਭੀਰ ਨਹੀਂ ਹੈ ਇਸੇ ਕਰਕੇ ਪਾਜੇਟਿਵ ਰਿਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਾ ਦਿਖਾਉਣ ਵਾਲੇ ਮਰੀਜ਼ਾਂ ਨੂੰ ਵੀ ਘਰੇ ਭੇਜ ਰਹੀ ਹੈ । ਉਹਨਾਂ ਦੇਸ਼ ਤੇ ਸੂਬੇ ਦੇ ਹਾਕਮਾਂ ‘ਤੇ ਬੇਕਿਰਕ ਤੇ ਵਹਿਸ਼ਪੁਣੇ ਦੇ ਦੋਸ਼ ਲਾਉਂਦਿਆਂ ਆਖਿਆ ਕਿ ਕਰੋਨਾ ਨਾਲ ਨਜਿੱਠਣ ਦੇ ਨਾਂਅ ਹੇਠ ਇੱਕ ਦਮ ਲਾਕਡਾਊਨ ਤੇ ਕਰਫਿਊ ਮੜਕੇ ਸੈਂਕੜੇ ਮਜ਼ਦੂਰਾਂ ਨੂੰ ਮੌਤ ਦੇ ਮੂੰਹ ਧੱਕਿਆ ਗਿਆ ਤੇ ਕਿਰਤ ਕਾਨੂੰਨਾਂ ਤੇ ਜਮਹੂਰੀ ਹੱਕਾਂ ਦਾ ਘਾਣ ਕਰਕੇ ਸਰਮਾਏਦਾਰਾਂ ਨੂੰ ਲੁੱਟ ਦੀ ਖੁੱਲੀ ਛੁੱਟੀ ਦਿੱਤੀ ਗਈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਿਹਤ ਵਿਭਾਗ ਵਿੱਚ ਸਮੁੱਚੀਆਂ ਅਸਾਮੀਆਂ ਸਫ਼ਾਈ ਕਾਮਿਆਂ, ਆਸ਼ਾ ਵਰਕਰਾਂ, ਨਰਸਾਂ/ਡਾਕਟਰ ਆਦਿ ਨੂੰ ਪੂਰੀ ਤਨਖਾਹ ‘ਤੇ ਪੱਕਾ ਕੀਤਾ ਜਾਵੇ, ਇਲਾਜ ਲਈ ਲੋੜੀਂਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ, ਅਤੇ ਖਾਲੀ ਅਸਾਮੀਆਂ ਪੁਰ ਕੀਤੀਆਂ ਜਾਣ, ਆਰ.ਐਮ.ਪੀ. ਡਾਕਟਰਾਂ ਤੇ ਹੋਰ ਕੈਟਾਗਿਰੀਆਂ ਨੂੰ ਸਰਕਾਰੀ ਖੇਤਰ ਵਿੱਚ ਸ਼ਾਮਲ ਕੀਤਾ ਜਾਵੇ, ਪ੍ਰਾਈਵੇਟ ਹਸਪਤਾਲਾਂ ਨੂੰ ਪੱਕੇ ਤੌਰ ‘ਤੇ ਸਰਕਾਰੀ ਹੱਥਾਂ ਵਿੱਚ ਲਿਆ ਜਾਵੇ , ਲਾਗ ਦੇ ਮਰੀਜਾਂ ਜਾਂ ਸ਼ੱਕੀਆਂ ਲਈ ਢੁੱਕਵੇਂ ਇਕਾਂਤਵਾਸ ਕੇਂਦਰਾਂ ਦੇ ਪ੍ਰਬੰਧ ਲਈ ਹੋਟਲਾਂ ਤੇ ਸਰਕਾਰੀ ਸਰਕਟ ਹਾਊਸ ਆਦਿ ਨੂੰ ਆਰਜੀ ਤੌਰ ‘ਤੇ ਸਿਹਤ ਢਾਂਚੇ ਦਾ ਅੰਗ ਬਣਾਇਆ ਜਾਵੇ, ਨਿੱਜੀਕਰਨ, ਸੰਸਾਰੀਕਰਨ ਤੇ ਵਪਾਰੀਕਰਨ ਦੀਆਂ ਨੀਤੀਆਂ ਨੂੰ ਖਤਮ ਕਰਕੇ ਜਲ ਸਪਲਾਈ, ਬਿਜਲੀ ਤੇ ਆਵਾਜਾਈ ਆਦਿ ਵਿੱਚ ਠੇਕੇ ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਖਾਲੀ ਅਸਾਮੀਆਂ ਭਰੀਆਂ ਜਾਣ ਅਤੇ ਕਰੋਨਾ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਖਰਚਿਆਂ ਦੀ ਪੂਰਤੀ ਲਈ ਕਾਰਪੋਰੇਟ ਘਰਾਣਿਆਂ ਤੇ ਵੱਡੇ ਭੌਂਇਪਤੀਆਂ ‘ਤੇ ਮੋਟੇ ਟੈਕਸ ਲਾ ਕੇ ਵਸੂਲੀ ਯਕੀਨੀ ਕੀਤੀ ਜਾਵੇ। ਉਹਨਾਂ ਮੋਦੀ ਦੇ ਰਾਹਤ ਪੈਕੇਜ ਨੂੰ ਲੋਕਾਂ ਲਈ ਆਫ਼ਤ ਪੈਕੇਜ ਕਰਾਰ ਦਿੰਦਿਆਂ ਕਿਸਾਨਾਂ ਮਜ਼ਦੂਰਾਂ ਨੂੰ ਹਕੀਕੀ ਰਾਹਤ ਦੀਆਂ ਮੰਗਾਂ ਲਈ 3,4 ਤੇ 5 ਜੂਨ ਨੂੰ ਤਹਿਸੀਲ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਇੱਕ ਰੋਜ਼ਾ ਸਾਂਝੇ ਧਰਨਿਆਂ ਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।