ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 10 ਲੱਖ 25 ਹਜ਼ਾਰ ਕਿਸਾਨਾਂ ਲਈ ਸਿੱਧੇ ਤੌਰ ਉੱਤੇ ਲਾਹੇਵੰਦ ਸਿੱਧ ਹੋਣ ਵਾਲੀ ਸਰਕਾਰ ਦੀ 9500 ਕਰੋੜ ਰੁਪਏ ਦੀ ਖੇਤੀ ਕਰਜ਼ਾ ਮੁਆਫ਼ੀ ਸਕੀਮ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਖਤ ਆਲੋਚਨਾ ਕੀਤੀ ਹੈ।
ਸੂਬਾ ਸਰਕਾਰ ਵਿਰੁੱਧ ਝੂਠੇ ਅਤੇ ਨਿਰਆਧਾਰ ਦੋਸ਼ ਲਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਸ਼ੋ੍ਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਉੱਤੇ ਵਰ੍ਹਦਿਆਂ ਕੈਪਟਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਤੇ ਹੋਰ ਵਰਗਾਂ ਲਈ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਜਦਕਿ ਹੁਣ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਨਿੰਦਿਆ ਜਾ ਰਿਹਾ ਹੈ। ਇਸ ਸਾਲ ਦੇ ਜੂਨ ਮਹੀਨੇ ਵਿੱਚ ਵਿਧਾਨ ਸਭਾ ਵਿੱਚ ਆਪਣੀ ਸਰਕਾਰ ਵੱਲੋਂ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਕੀਤੇ ਐਲਾਨ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਆਖਿਆ ਕਿ ਬਾਦਲ ਨੇ ਤਾਂ ਵਿਧਾਨ ਸਭਾ ਦੇ ਇਸ ਇਜਲਾਸ ਵਿੱਚ ਚਿਹਰਾ ਵੀ ਨਹੀਂ ਵਿਖਾਇਆ। ਮੁੱਖ ਮੰਤਰੀ ਨੇ ਆਖਿਆ ਕਿ ਅਸਲ ਵਿੱਚ ਉਸ ਵੇਲੇ ਇਸ ਮੁੱਦੇ ਉੱਤੇ ਅਕਾਲੀਆਂ ਕੋਲ ਸਰਕਾਰ ਦੀ ਗੱਲ ਸੁਣਨ ਦਾ ਸਬਰ ਹੀ ਨਹੀਂ ਸੀ।  ਕੈਪਟਨ ਨੇ ਨਾਂਹ-ਪੱਖੀ ਏਜੰਡੇ ਨੂੰ ਉਭਾਰਨ ਵਿਰੁੱਧ ਅਕਾਲੀਆਂ ਨੂੰ ਖ਼ਬਰਦਾਰ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੇ ਅਜਿਹੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਅਤੇ ਨਾ ਹੀ ਸੂਬਾ ਵਾਸੀ ਅਜਿਹੀਆਂ ਚਾਲਾਂ ਨੂੰ ਸਹਿਣ ਕਰਨਗੇ ਕਿਉਂਕਿ ਉਹ ਸ਼ਾਂਤੀ ਨਾਲ ਰਹਿਣਾ ਤੇ ਅੱਗੇ ਵੱਧਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਅਕਾਲੀਆਂ ਨੂੰ ਸਿਰਫ਼ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਦੀ ਪੁਸ਼ਤਪਨਾਹੀ ਨਾਲ ਹੀ ਸਰੋਕਾਰ ਹੈ ਅਤੇ ਉਨ੍ਹਾਂ ਨੇ ਪਿਛਲੇ ਸਾਲਾਂ ਵਿੱਚ ਪੰਜਾਬ  ਦੇ ਲੋਕਾਂ ਦੀ ਤਰੱਕੀ ਤੇ ਭਲਾਈ ਲਈ ਸੋਚਣ ਦੀ ਬਜਾਏ ਨਿੱਜਵਾਦ ਨੂੰ ਹੀ ਪਾਲਿਆ ਹੈ। ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਰਜ਼ਾ ਮੁਆਫ਼ੀ ਬਾਰੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਉੱਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਉਨ੍ਹਾਂ ਵੱਲੋਂ ਲਾਏ ਦੋਸ਼ਾਂ ਵਿੱਚੋਂ ਇਕ ਦੋਸ਼ ਵੀ ਸਿੱਧ ਕਰਨ ਦੀ ਚੁਣੌਤੀ ਹੈ।
ਡੱਬੀ: ਕਈ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਸਬੰਧੀ ਅਕਾਲੀ ਦਲ ਵੱਲੋਂ ਲਾਏ ਦੋਸ਼ਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ ਇੱਕ ਵਾਰ ਫਿਰ ਸੱਚ ਨੂੰ ਤੋੜ-ਮਰੋੜ ਕੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ 20 ਵਿਦਿਆਰਥੀਆਂ ਤੋਂ ਘੱਟ ਦੀ ਨਫ਼ਰੀ ਵਾਲੇ 800 ਸਰਕਾਰੀ ਸਕੂਲਾਂ ਦਾ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਨਾਲ ਲੱਗਦੇ ਸਕੂਲਾਂ ਵਿੱਚ ਰਲੇਵਾਂ ਕਰਨ ਦਾ ਫੈਸਲਾ ਲਿਆ ਹੈ। ਅਕਾਲੀ-ਭਾਜਪਾ ਸਰਕਾਰ ਨੇ ਬਾਕੀ ਖੇਤਰਾਂ ਵਾਂਗ ਸੂਬੇ ਦਾ ਸਿੱਖਿਆ ਢਾਂਚਾ ਵੀ ਲੀਰੋ-ਲੀਰ ਕਰ ਦਿੱਤਾ। ਸਕੂਲ, ਕਾਲਜ ਅਤੇ ਤਕਨੀਕੀ ਸੰਸਥਾਵਾਂ ਨਿੱਘਰ ਗਈਆਂ ਸਨ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕੁੱਝ ਸਕੂਲਾਂ ਦਾ ਬਾਕੀ ਸਕੂਲਾਂ ਵਿੱਚ ਰਲੇਵਾਂ ਕਰਨ ਦੇ ਫੈਸਲੇ ਨਾਲ ਅਧਿਆਪਕ ਅਮਲੇ ਦੀ ਵਰਤੋਂ ਬਿਹਤਰ ਢੰਗ ਨਾਲ ਕੀਤੀ ਜਾਵੇਗੀ ਕਿਉਂਕਿ ਬਾਦਲਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸਕੂਲਾਂ ਵਿੱਚ ਅਧਿਆਪਕਾਂ ਦੀ ਬਹੁਤ ਜ਼ਿਆਦਾ ਥੁੜ੍ਹ ਹੈ।