ਧਾਰੀਵਾਲ, 6 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਾਸੀਆਂ ਨੂੰ ਸਿਵਾਏ ਝੂਠੇ ਲਾਰਿਆਂ ਦੇ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਛੇ ਮਹੀਨਿਆਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਸਲਾਰੀਆ ਨੇ ਕਿਹਾ ਕਿ ਉਹ ਗੁਰਦਾਸਪੁਰ ਹਲਕੇ ਲਈ ਕੇਂਦਰ ਦੀ ਮੋਦੀ ਸਰਕਾਰ ਕੋਲੋਂ ਕੋਈ ਵੱਡਾ ਪ੍ਰਾਜੈਕਟ ਲੈ ਕੇ ਆਉਣਗੇ ਤੇ ਹੋਰ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਹਲਕਾ ਕਾਦੀਆਂ ਤੋਂ ਵਿਧਾਨ ਸਭਾ ਦੀ ਬਹੁਜਨ ਸਮਾਜ ਪਾਰਟੀ ਵੱਲੋਂ ਚੋਣ ਲੜ ਚੁੱਕੇ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਵੰਤ ਸਿੰਘ ਅਤੇ ਗੁਰਨਾਮ ਸਿੰਘ ਬੱਲੀ ਆਪਣੇ ਸਾਥੀਆਂ ਸਮੇਤ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਕਾਹਨੂੰਵਾਨ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ’ਚ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਅੱਧੀ ਦਰਜਨ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਕੈਪਟਨ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਪੰਜ ਕੰਮਾਂ ਦੀ ਗਿਣਤੀ ਕਰਕੇ ਦੱਸਣ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਡਾ. ਬਲਦੇਵ ਰਾਜ ਚਾਵਲਾ ਤੇ ਸੁਰਜੀਤ ਸਿੰਘ ਰੱਖੜਾ ਨੇ ਵੀ ਸੰਬੋਧਨ ਕੀਤਾ।
ਨਵਜੋਤ ਸਿੱਧੂ ਲਈ ਵਰਤੀ ਅਸੱਭਿਅਕ ਸ਼ਬਦਾਵਲੀ
ਸ਼ਹਿਰ ਕਾਦੀਆਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜਜ਼ਬਾਤੀ ਭਾਸ਼ਣ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪਾਗਲ ਅਤੇ ਬਾਂਦਰ ਤਕ ਕਹਿ ਦਿੱਤਾ। ਲੋਕਾਂ ਦੀ ਪੁਰਾਣੀ ਮੰਗ ਕਾਂਦੀਆਂ-ਬਿਆਸ ਰੇਲਵੇ ਲਾਈਨ ਨੂੰ ਜੋੜਨ ਦੇ ਮੁੱਦੇ ਨੂੰ ਇਸ ਰੈਲੀ ਵਿੱਚ ਨਜ਼ਰਅੰਦਾਜ਼ ਕੀਤਾ ਗਿਆ। ਕਿਸੇ ਵੀ ਆਗੂ ਨੇ ਇਸ ਮੁੱਦੇ ’ਤੇ ਸੰਬੋਧਨ ਨਹੀਂ ਕੀਤਾ। ਸੁਖਬੀਰ ਬਾਦਲ ਨੇ ਖਾਸ ਕਰਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਜਿਸ ’ਤੇ ਜ਼ਿਆਦਾ ਪਰਚੇ ਹੋਣਗੇ, ਉਸ ਨੂੰ ਅਕਾਲੀ ਦਲ ਵਿੱਚ ਜ਼ਿਆਦਾ ਸਨਮਾਨ ਮਿਲੇਗਾ ਜਾਂ ਐੱਮਐੱਲਏ ਦੀ ਟਿਕਟ ਮਿਲੇਗੀ।