ਚੰਡੀਗੜ•, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 33ਵੀਂ ਬਰਸੀ ਮੌਕੇ ਭਲਕੇ ਉਸਦਾ ਬੁੱਤ ਪੰਜਾਬ ਵਿਚ ਆਉਣ ਤੋਂ ਗੁਰੇਜ਼ ਕਰੇ ਕਿਉਂਕਿ ਕਾਂਗਰਸ ਪਾਰਟੀ ਦੀ ਇਹ ਕਾਰਵਾਈ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਹੋਵੇਗੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਨੇਤਾ ਸ੍ਰੀ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕਾਂਗਰਸ ਪਾਰਟੀਆਂ ਦੀਆਂ ਬਜਰ ਗਲਤੀਆਂ ਦੀ ਕਾਫੀ ਸਜ਼ਾ ਭੁਗਤੀਹ ੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖਾਂ ਨੇ ਵੀ ਕਾਂਗਰਸ ਪਾਰਟੀ ਦੇ ਹੱਥੋਂ ਵੱਡਾ ਸੰਤਾਪ ਹੰਢਾਇਆ ਹੈ ਅਤੇ ਜੇਕਰ ਹੁਣ ਉਹ ਪੰਜਾਬ ਵਿਚ ਇੰਦਰਾ ਗਾਂਧੀ ਦਾ ਬੁੱਤ ਲਾਉਂਦੇ ਹਨ ਤਾਂ ਇਸਦਾ ਮਤਲਬ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣਾ ਹੋਵੇਗਾ ਕਿਉਂਕਿ ਪੰਜਾਬ ਖਾਸ ਤੌਰ ‘ਤੇ ਸਿੱਖ ਭਾÂਂਚਾਰੇ ਨੇ ਇੰਦਰਾ ਗਾਂਧੀ ਕਾਰਨ ਬਹੁਤ ਨੁਕਸਾਨ ਉਠਾਇਆ ਹੈ।
ਸ੍ਰੀ ਵਲਟੋਹਾ ਨੇ ਕਿਹਾ ਕਿ ਸਿੱਖ ਕਦੇ ਵੀ ਇੰਦਰਾ ਗਾਂਧੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਗੁਰਧਾਮਾਂ ਖਿਲਾਫ ਕੀਤੀ ਗਈ ਕਾਰਵਾਈ ਨਹੀਂ ਭੁੱਲ ਸਕਦੇ। ਉਹਨਾਂ ਕਿਹਾ ਕਿ ਕੋਈ ਵੀ ਸਿੱਖ 1984 ਨਹੀਂ ਭੁੱਲ ਸਕਦਾ ਕਿਉਂਕਿ ਸਿੱਖ ਕਤਲੇਆਮ ਦੇ ਪਿੱਛੇ ਇਕਲੌਤਾ ਕਾਰਨ ਇੰਦਰਾ ਗਾਂਧੀ ਸੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿਚ ਇੰਦਰਾ ਗਾਂਧੀ ਦਾ ਬੁੱਤ ਲਾਉਣ ਦਾ ਐਲਾਨ ਸਿੱਖ ਭਾਈਚਾਰੇ ਲਈ ਵੱਡਾ ਝਟਕਾ ਹੈ ਕਿਉਂਕਿ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਅਕਾਲੀ ਆਗੂ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਆਪਣੇ ਬੁੱਤ ਲਾਉਣ ਦੇ ਐਲਾਨ ਅਨੁਸਾਰ ਕਾਰਵਾਈ ਕਰਦੀ ਹੈ ਤਾਂ ਇਸ ਨਾਲ ਰਾਜ ਦਾ ਸ਼ਾਂਤੀਪੂਰਨ ਮਾਹੌਨ ਖਰਾਬ ਹੋਵੇਗਾ ਤੇ ਵੱਖ ਵੱਖ ਭਾਈਚਾਰਿਆਂ ਦੇ ਰਿਸ਼ਤਿਆਂ ਵਿਚ ਕੁੜਤਣ ਪੈਦਾ ਹੋਵੇਗੀ। ਉਹਨਾਂ ਨੇ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਸਥਿਤੀ ਤੋਂ ਗੁਰੇਜ਼ ਕਰੇ ਜਿਸ ਵਿਚ ਫਿਰਕਿਆਂ ਵਿਚ ਕੁੜਤਣ ਪੈਦਾ ਹੋਵੇ ਤੇ ਪੰਜਾਬ ਦੀ ਅਮਨ ਤੇ ਸ਼ਾਂਤੀ ਭੰਗ ਹੁੰਦੀ ਹੋਵੇ।