ਫਤਿਹਗੜ੍ਹ ਚੂੜੀਆਂ, 9 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੋਂ ਦੇ ਬਾਵਾ ਲਾਲ ਜੀ ਚੌਕ ਵਿੱਚ ਪਾਰਟੀ ਉਮੀਦਵਾਰ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜੂਰੀਆ ਦੇ ਹੱਕ ਵਿੱਚ ਚੋਣ ਰੈਲੀ ਕੀਤੀ।  ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਉਹ ਪਾਰਟੀ ਹੈ, ਜਿਸ ਨੇ ਹਮੇਸ਼ਾਂ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਹੈ ਅਤੇ ਭ੍ਰਿਸ਼ਟਾਚਾਰ ਤੇ ਗ਼ਲਤ ਕੰਮਾਂ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਭਰਮ ਵਿੱਚ ਪਾ ਕੇ ਵੋਟਾਂ ਬਟੋਰੀਆਂ ਹਨ। ਕੈਪਟਨ ਵੱਲੋਂ ਅੱਜ ਤੱਕ ਕਿਸੇ ਨੌਜਵਾਨ ਨੂੰ ਸਮਾਰਟ ਫੋਨ ਤੇ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ 70 ਸਾਲਾਂ ਤੋਂ ਲੋਕਾਂ ਦੇ ਗੇੜੇ ਹੀ ਕਢਵਾਏ ਹਨ ਤੇ ਸੂਬੇ ਨੂੰ ਉਜਾੜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਕਾਲੀ ਸਰਕਾਰ ਨੇ ਲੋਕਾਂ ਨੂੰ ਸਿਰਫ਼ ਲੁੱਟਿਆ ਅਤੇ ਕੁੱਟਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਨੇ ਪੰਜਾਬ ਦੀ ਸਨਅਤ ਨੂੰ ਬਾਹਰ ਖਦੇੜ ਦਿੱਤਾ। ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਨੋਟਬੰਦੀ ਅਤੇ ਜੀਐਸਟੀ ਦੇ ਫ਼ੈਸਲੇ ਫੇਲ੍ਹ ਸਾਬਿਤ ਹੋਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੁਰੇਸ਼ ਖਜੂਰੀਆ ਦੇ ਹੱਕ ਵਿੱਚ ਭੁਗਤਣ। ਇਸ ਮੌਕੇ ‘ਆਪ’ ਆਗੂ ਰੌਸ਼ਨ ਮਸੀਹ ਛਿਛਰੇਵਾਲ ਤੇ ਉਸ ਦੇ ਸਾਥੀਆਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਨਹੀਂ ਸੋਚ ਸਕਦੇ।

‘ਕਿਸੇ ਆਗੂ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ’ 
ਆਮ ਆਦਮੀ ਪਾਰਟੀ ਵੱਲੋਂ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਦੀ ਚੋਣ ਲੜ ਚੁੱਕੇ ‘ਆਪ’ ਆਗੂ ਗੁਰਵਿੰਦਰ ਸਿੰਘ ਸ਼ਾਮਪੁਰਾ ਤੇ ਹੋਰਾਂ ਦੇ ਅਕਾਲੀ-ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਕੁਝ ਵਿਅਕਤੀ ਆਪਣੇ ਨਿੱਜੀ ਸੁਆਰਥ ਲਈ ਪਾਰਟੀ ਵਿੱਚ ਆਉਂਦੇ ਹਨ। ਜਦੋਂ ਉਨ੍ਹਾਂ ਦੇ ਨਿੱਜੀ ਸੁਆਰਥ ਤੇ ਮਕਸਦ ਪੂਰੇ ਨਹੀਂ ਹੁੰਦੇ ਤਾਂ ਉਹ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਨੂੰ ਕਿਸੇ ਦੇ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ।