ਫ਼ਤਹਿਗੜ ਸਾਹਿਬ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬੰਡੂਗਰ ਨੇ ਕਿਹਾ ਹੈ ਕਿ ਸਿੱਖ ਕੌਮ ਦਾ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਰਿਹਾ ਹੈ, ਪਰ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਨਾਲ ਧੋਖਾ ਅਤੇ ਉਨ੍ਹਾਂ ’ਤੇ ਜ਼ੁਲਮ ਕੀਤਾ ਹੈ। ਇਸ ਦੀ ਮਿਸਾਲ ਸਾਡੇ ਸਾਹਮਣੇ ਹੈ। ਪੰਜਾਬ ਕੋਲ ਆਪਣੀ ਰਾਜਧਾਨੀ, ਹਾਈ ਕੋਰਟ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਨਹੀਂ ਹਨ ਅਤੇ ਪੰਜਾਬ ਦੇ ਪਾਣੀਆਂ ਨੂੰ ਵੀ ਖੋਹਿਆ ਜਾ ਰਿਹਾ ਹੈ। ਉਹ ਅੱਜ ਇਥੇ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਚਾਰ ਦਿਨਾਂ ਸਮਾਗਮਾਂ ਦੇ ਪਹਿਲੇ ਦਿਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਅਤੇ ‘ਗੁਰੂ ਨਾਨਕ ਦੇਵ ਜੀ ਬਾਣੀ: ਵਿਸ਼ਵ ਵਿਆਪੀ ਪ੍ਰਸੰਗ’ ਵਿਸ਼ੇ ’ਤੇ ਕਰਵਾਏ ਇੱਕ ਰੋਜ਼ਾ ਸੈਮੀਨਾਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਕਾਂਗਰਸੀ ਨੇਤਾਵਾਂ ਨੇ ਸਿੱਖਾਂ ਉਪਰ ਵੱਡੇ ਪੱਧਰ ’ਤੇ ਜ਼ੁਲਮ ਕੀਤੇ। ਦੋਸ਼ੀਆਂ ਨੂੰ ਹੁਣ ਤੱਕ ਸਜ਼ਾ ਨਹੀਂ ਮਿਲੀ ਜਦੋਂਕਿ ਸਿੱਖਾਂ ਨੇ ਗੁਰੂ ਨਾਨਕ ਜੀ ਦੇ ਮਿਸ਼ਨ ਉੱਪਰ ਚਲਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਜੀਣ ਲਈ ਪ੍ਰੇਰਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਸੈਮੀਨਾਰ ਦੇ ਵਿਸ਼ੇ ਬਾਰੇ ਮੁੱਢਲੀ ਜਾਣਕਾਰੀ ਦਿੱਤੀ। ਕੈਂਪ ਵਿੱਚ 100 ਯੂਨਿਟ ਖੂਨ ਦਾਨ ਕੀਤਾ ਗਿਆ। ਸੈਮੀਨਾਰ ਵਿਚ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਖੋਜਾਰਥੀ ਡਾ. ਪਲਵਿੰਦਰ ਕੌਰ, ਡਾ. ਜੋਗਿੰਦਰ ਸਿੰਘ, ਹਰਜੀਤ ਸਿੰਘ ਅਤੇ ਅਮਨ ਸਿੰਘ ਨੇ ਵੀ ਬਾਣੀ ਦੇ ਵੱਖ-ਵੱਖ ਪਹਿੂਲਆਂ ’ਤੇ ਪਰਚੇ ਪੇਸ਼ ਕੀਤੇ। ਡਾ. ਖਹਿਰਾ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 2 ਅਤੇ 3 ਨਵੰਬਰ ਨੂੰ ਯੂਨੀਵਰਸਿਟੀ ਵਿੱਚ ਫਿਜ਼ਿਓਥੈਰੇਪੀ ਅਤੇ ਹੋਮਿਓਪੈਥੀ ਕੈਂਪ ਲਗਾਏ ਜਾ ਰਹੇ ਹਨ।