ਸੰਗਰੂਰ, ਪੰਜਾਬ ਵਿੱਚ ਨਵੀਂ ਸਰਕਾਰ ਆਉਣ ਤੋਂ ਬਾਅਦ 130 ਦਿਨਾਂ ਵਿੱਚ ਕਰੀਬ 150 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਕਾਂਗਰਸ ਸਰਕਾਰ ਦੇ ਰਾਜ ਵਿੱਚ ਖ਼ੁਦਕੁਸ਼ੀਆਂ ਵਧੀਆਂ ਹਨ। ਇਹ ਦਾਅਵਾ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖ਼ੁਦਕੁਸ਼ੀਆਂ ਦੀ ਸੂਚੀ ਜਾਰੀ ਕਰਦਿਆਂ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਸੁਖਪਾਲ ਸਿੰਘ ਮਾਣਕ ਨੇ ਅੱਜ ਸੁਨਾਮ ਵਿੱਚ ਮੀਡੀਆ ਨੂੰ ਕਿਸਾਨ ਖ਼ੁਦਕੁਸ਼ੀਆਂ ਦੀ ਸੂਚੀ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਇਕ ਅਪਰੈਲ 2017 ਤੋਂ 10 ਅਗਸਤ 2017 ਤੱਕ 130 ਦਿਨਾਂ ਵਿੱਚ 150 ਕਿਸਾਨ ਖ਼ੁਦਕੁਸ਼ੀਆਂ ਕਰ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਕਿਸਾਨੀ ਦੀ ਹਾਲਤ ਚਿੰਤਾਜਨਕ ਹੈ। ਸੂਚੀ ਮੁਤਾਬਕ ਸਭ ਤੋਂ ਵੱਧ ਖ਼ੁਦਕੁਸ਼ੀਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਹਲਕੇ ਬਠਿੰਡਾ ਵਿੱਚ ਹੋਈਆਂ ਹਨ, ਜਿੱਥੇ 130 ਦਿਨਾਂ ਵਿੱਚ 26 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਸਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿੱਚ 24, ਸੰਗਰੂਰ ਵਿੱਚ 21, ਮਾਨਸਾ ਵਿੱਚ 20, ਤਰਨ ਤਾਰਨ ਵਿੱਚ 9, ਫਿਰੋਜ਼ਪੁਰ ਵਿੱਚ 8, ਲੁਧਿਆਣਾ ਵਿੱਚ 7,  ਪਟਿਆਲਾ ਵਿੱਚ 5, ਮੋਗਾ ਵਿੱਚ 5, ਫਤਹਿਗੜ੍ਹ ਸਾਹਿਬ ਵਿੱਚ 4, ਮੁਕਤਸਰ ਸਾਹਿਬ ਵਿੱਚ 3, ਹੁਸ਼ਿਆਰਪੁਰ ਵਿੱਚ 3, ਗੁਰਦਾਸਪੁਰ ਵਿੱਚ 2, ਨਵਾਂ ਸ਼ਹਿਰ ਵਿੱਚ 2 ਤੇ ਅਬੋਹਰ ਵਿੱਚ ਇੱਕ ਕਿਸਾਨ ਨੇ ਖ਼ੁਦਕੁਸ਼ੀ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਕਿਸਾਨ ਕਰਜ਼ੇ ਕਾਰਨ ਘਰਾਂ ਦਾ ਗੁਜ਼ਾਰਾ ਚਲਾਉਣ ਤੋਂ ਅਸਮਰੱਥ ਹਨ, ਜਿਸ ਕਾਰਨ ਉਹ ਮੌਤ ਨੂੰ ਗਲੇ ਲਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਜਥੇਬੰਦੀ ਵੱਲੋਂ ਕਿਸਾਨ ਖ਼ੁਦਕੁਸ਼ੀਆਂ ਦੀ ਸੂਚੀ ਰੋਜ਼ਾਨਾ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖ਼ਬਰਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਵੇ।