ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,902 ਰੁਪਏ ਪ੍ਰਤੀ ਕੁਇੰਟਲ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਆਖਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਖੇਤੀ ’ਵਰਸਿਟੀ ਦੇ ਅਨੁਮਾਨਾਂ ਮੁਤਾਬਕ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2,902 ਰੁਪਏ ਪ੍ਰਤੀ ਕੁਇੰਟਲ ਬਾਰੇ ਕੇਂਦਰੀ ਖੇਤੀ ਮੰਤਰਾਲੇ ਨੂੰ ਲਿਖ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੀ ਖੁਰਾਕੀ ਸੁਰੱਖਿਆ ਕਰਕੇ ਇਸ ਮਾਮਲੇ ਵਿਚ ਨਿੱਜੀ ਤੌਰ ’ਤੇ ਦਖ਼ਲ ਦੇਣ। ਉਨ੍ਹਾਂ ਕਿਹਾ ਕਿ ਐਤਕੀਂ ਪਰਵਾਸੀ ਕਾਮੇ ਨਾ ਆਉਣ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਵੀ ਵਧਣਗੇ। ਇਸ ਲਈ ਝੋਨੇ ਦੀ ਪਰਾਲੀ ਸਾੜੇ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਬੋਨਸ ਦਿੱਤਾ ਜਾਵੇ।