ਸੁਖਬੀਰ ਤੇ ਹਰਸਿਮਰਤ ਨੇ ਦਿੱਲੀ ਵਿੱਚ ਕੀਤਾ ਐਲਾਨ
ਨਵੀਂ ਦਿੱਲੀ, ਭਾਰਤ ਸਰਕਾਰ ਨੇ ਉਨ੍ਹਾਂ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ, ਜੋ ਲੋੜਵੰਦਾਂ ਅਤੇ ਸ਼ਰਧਾਲੂਆਂ ਨੂੰ ਮੁਫ਼ਤ ਲੰਗਰ ਛਕਾਉਂਦੀਆਂ ਹਨ। ਕੇਂਦਰ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਨੇ ‘ਸੇਵਾ ਭੋਜ ਯੋਜਨਾ’ ਤਹਿਤ 2018-2019 ਦੇ ਵਿੱਤੀ ਵਰ੍ਹੇ ਤੋਂ ਮੁਫ਼ਤ ਲੰਗਰ ਚਲਾਉਣ ਵਾਲੀਆਂ ਧਾਰਮਿਕ ਸੰਸਥਾਵਾਂ ਨੂੰ ‘ਜੀਐੱਸਟੀ’ ਤੋਂ ਛੋਟ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਧਾਰਮਿਕ ਸਥਾਨਾਂ, ਚੈਰੀਟੇਬਲ ਸੰਸਥਾਵਾਂ ਵੱਲੋਂ ਮੁਫ਼ਤ ਲੰਗਰ ਲਈ ਖ਼ਰੀਦੀ ਰਸਦ ਉੱਤੇ ਜੀਐੱਸਟੀ ਤੇ ਆਈਜੀਐੱਸਟੀ ਅਦਾ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਕੇਂਦਰ ਸਰਕਾਰ ਦੁਆਰਾ ਇਹ ਸਬੰਧਤ ਸੰਸਥਾਵਾਂ ਨੂੰ ਵਾਪਸ ਕਰ ਦਿੱਤਾ ਜਾਵੇਗਾ। ਹੁਣ ਤੱਕ ਇਹ ਵਾਪਸੀਯੋਗ ਰਕਮ 325 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਕੇਂਦਰੀ ਸੱਭਿਆਚਾਰਕ ਮੰਤਰਾਲੇ ਦੀ ‘ਸੇਵਾ ਭੋਜ ਯੋਜਨਾ’ ਦੇ ਐਲਾਨ ਬਾਰੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਪੰਜੇ ਤਖ਼ਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਸਮੇਤ ਦੂਜੇ ਧਰਮਾਂ ਦੇ ਸਥਾਨਾਂ ਜਿਵੇਂ ਦੁਰਗਿਆਨਾ ਮੰਦਰ ਤੇ ਹੋਰਨਾਂ ਨੂੰ ਫਾਇਦਾ ਹੋਵੇਗਾ। ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਇਹ ਛੋਟ ਪਿਛਲੇ 5 ਸਾਲਾਂ ਜਾਂ ਇਸ ਤੋਂ ਵੱਧ ਸਮੇਂ ਤੋਂ ਮਹੀਨਾਵਾਰ 5000 ਲੋਕਾਂ ਨੂੰ ਮੁਫ਼ਤ ਭੋਜਨ ਛਕਾ ਰਹੀਆਂ ਸੂਚੀਬੱਧ ਖ਼ੈਰਾਇਤੀ ਸੰਸਥਾਵਾਂ, ਸੁਸਾਇਟੀਆਂ ’ਤੇ ਲਾਗੂ ਹੋਵੇਗੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਬਾਰੇ ਹਦਾਇਤਾਂ ਤੇ ਨਿਯਮ ਬਣਾਏ ਗਏ ਹਨ। ਸ੍ਰੀਮਤੀ ਬਾਦਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਆਲੋਚਨਾ ਕੀਤੀ ਕਿ ਉਹ ਜੀਐੱਸਟੀ ਕੌਂਸਲ ਅੱਗੇ ਜਾਇਜ਼ ਮੰਗ ਰੱਖਣ ਵਿੱਚ ਅਸਫਲ ਰਹੇ ਤੇ ਕਦੇ ਵੀ ਇਸਨੂੰ ਕੌਂਸਲ ਵਿੱਚ ਇੱਕ ਮੁੱਦੇ ਵਜੋਂ ਪੇਸ਼ ਨਹੀਂ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਕੇਂਦਰ ਸਰਕਾਰ ਵਾਂਗ ਹੀ ਆਪਣੇ ਹਿੱਸੇ ਦਾ ਸੂਬੇ ਦਾ ਜੀਐੱਸਟੀ ਮੁਆਫ਼ ਕਰ ਦੇਣ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਧੰਨਵਾਦ ਕੀਤਾ ਕਿ ਕੇਂਦਰ ਦੇ ਇਸ ਫ਼ੈਸਲੇ ਨਾਲ ਦੇਸ਼ ਨੂੰ ਚੰਗਾ ਸੰਦੇਸ਼ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੇਂਦਰ ਸਰਕਾਰ ਤੇ ਸ੍ਰੀਮਤੀ ਬਾਦਲ ਦਾ ਧੰਨਵਾਦ ਕੀਤਾ। ਦਿੱਲੀ ਕਮੇਟੀ ਦੇ ਕਾਨਫਰੰਸ ਹਾਲ ਵਿੱਚ ਬਿਕਰਮ ਸਿੰਘ ਮਜੀਠੀਆ ਤੇ ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਹਾਜ਼ਰ ਸਨ।