ਪੰਜਾਬ ਵਿਚ ਪੂਰੀ ਤਰ•ਾਂ ਬੇਜਾਨ ਹੋ ਚੁੱਕੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਤੋਂ ਇਨਕਾਰ
• ਪੰਜਾਬ ਵਿਚ ਸਾਰੀਆਂ ਦੀ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਲਈ ਭਰੋਸਾ ਪ੍ਰਗਟਾਇਆ, ਜਿੱਤਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ- ਮੁੱਖ ਮੰਤਰੀ
ਚੰਡੀਗੜ•, 7 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ।
ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇੱਕ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ। ਉਨ•ਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ।
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ ਅਤੇ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ।
ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰ•ਾਂ ਬੇਜਾਨ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ•ਾਂ ਆਖਿਆ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ।
ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ।
ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧ ਵਿਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ।
ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ।
ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ•ਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ•ਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ•ਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿਚ ਗਏ ਸਨ ਪਰ ਇਸ ਵਾਸਤੇ ਉਨ•ਾਂ ਨੂੰ ਉਹਨਾਂ ਨੇ ਆਗਿਆ ਦਿੱਤੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ•ਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਨ•ਾਂ ਨੇ ਪੰਜਾਬ ਵਿਚ ਗੜਬੜ ਪੈਦਾ ਕਰਨ ਦੀਆਂ ਆਈ.ਐਸ.ਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਕਸ਼ਮੀਰ ਵਿਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ।
ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਪੂਰੀ ਤਰ•ਾਂ ਗਲਤ ਕਰਾਰ ਦਿੱਤਾ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਕੇਵਲ ਇੱਕ ਸਾਲ ਵਿਚ ਹੀ 4,14,275 ਕਿਸਾਨਾਂ ਦੇ 3,417 ਕਰੋੜ ਰੁਪਏ ਦੇ ਫਸਲੀ ਕਰਜ਼ੇ ਪਹਿਲਾਂ ਹੀ ਮੁਆਫ ਕਰ ਦਿੱਤੇ ਹਨ ਅਤੇ ਉਨ•ਾਂ ਦੀ ਸਰਕਾਰ ਆਪਣੇ ਪਹਿਲਾਂ ਕੀਤੇ ਐਲਾਨ ਦੇ ਅਨੁਸਾਰ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਕਿਹਾ ਕਿ ਸੂਬੇ ਦੀ ਵਿੱਤੀ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਕਰਕੇ ਇਨ•ਾਂ ਕਿਸਾਨਾਂ ਨੂੰ ਪੜਾਅਵਾਰ ਇਸ ਸਕੀਮ ਦੇ ਹੇਠ ਲਿਆਂਦਾ ਜਾਵੇਗਾ। ਉਨ•ਾਂ ਕਿਹਾ ਕਿ 10.25 ਲੱਖ ਕਿਸਾਨਾਂ ਵਿਚੋਂ ਤਕਰੀਬਨ ਤਿੰਨ ਲੱਖ ਰਹਿੰਦੇ ਕਿਸਾਨਾਂ ਦੇ ਕਰਜ਼ੇ ਛੇਤੀ ਹੀ ਮੁਆਫ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਪਣੇ ਮਨਘੜਤ ਦੋਸ਼ਾਂ ਦੇ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਿਚ ਵਿਸ਼ਵਾਸ਼ ਰੱਖਦੇ ਹਨ ਪਰ ਦੇਸ਼ ਦੇ ਵੋਟਰ ਉਨ•ਾਂ ਦੀ ‘ਜੁਮਲੇਬਾਜ਼ੀ’ ਵਿਚ ਨਹੀਂ ਆਉਣਗੇ।