ਐਸ.ਏ.ਐਸ. ਨਗਰ (ਮੁਹਾਲੀ), 29 ਅਗਸਤ
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ 32 ਏਕੜ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁਹਾਲੀ ਅਦਾਲਤ ਤੋਂ ਵਿਦੇਸ਼ ਜਾਣ ਦੀ ਆਗਿਆ ਮਿਲ ਗਈ ਹੈ। ਮੁੱਖ ਮੰਤਰੀ ਨੇ ਅੱਜ ਆਪਣੇ ਵਕੀਲਾਂ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗੀ ਸੀ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੈਪਟਨ ਨੂੰ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ।
ਵਕੀਲ ਰਮਦੀਪ ਪ੍ਰਤਾਪ ਸਿੰਘ ਅਤੇ ਐਚ.ਐਸ. ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਤੋਂ ਲੈ ਕੇ 25 ਸਤੰਬਰ ਤੱਕ ਇਜ਼ਰਾਈਲ ਅਤੇ ਇੰਗਲੈਂਡ ਵਿੱਚ ਰਹਿ ਕੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ਉਹ ਇਜ਼ਰਾਈਲ ਵਿੱਚ ਇੰਡਸਟਰੀ ਸੰਮੇਲਨ ਵਿੱਚ ਹਿੱਸਾ ਲੈਣਗੇ ਤਾਂ ਜੋ ਵੱਖ-ਵੱਖ ਸਨਅਤਕਾਰਾਂ ਨੂੰ ਸੂਬੇ ਵਿੱਚ ਉਦਯੋਗ ਲਾਉਣ ਲਈ ਰਾਜ਼ੀ ਕੀਤਾ ਜਾ ਸਕੇ। ਇੰਗਲੈਂਡ ਵਿੱਚ ਮੁੱਖ ਮੰਤਰੀ ਸਾਰਾਗੜ੍ਹੀ ਜੰਗ ਸਮਾਰੋਹ ਦੇ ਹਿੱਸੇ ਵਜੋਂ ਸਾਰਾਗੜ੍ਹੀ ਬਾਰੇ ਆਪਣੀ ਕਿਤਾਬ ਰਿਲੀਜ਼ ਕਰਨਗੇ।