ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਅੰਤ ਤੱਕ ਸਾਲ 2015-16 ਦੇ ਪੋਸਟ ਮੈਟ੍ਰਿਕ ਐੱਸਸੀ ਸਕਾਲਰਸ਼ਿਪ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਸ ਸਾਲ ਦੇ ਅੰਤ ਤੱਕ ਸਕਾਲਰਸ਼ਿਪ ਦੇਣ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਵਜ਼ੀਫੇ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਐੱਸਸੀ ਵਿਦਿਆਰਥੀਆਂ ਨੂੰ ਦਾਖਲੇ ਦੇਣ ਤੋਂ ਨਾਂਹ ਕਰਨ ਵਾਲੀਆਂ ਨਿੱਜੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਸਾਲ 2016-17 ਦੇ ਸਕਾਲਰਸ਼ਿਪ ਦੀ ਵੰਡ ਦਾ ਆਡਿਟ ਮੁਕੰਮਲ ਹੋਣ ਤੋਂ ਬਾਅਦ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ। ਕੈਪਟਨ ਨੇ ਨਿੱਜੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਵਾਸਤੇ ਐੱਸਸੀ/ਬੀਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਖਿਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਕਿਹਾ ਜਾਵੇ ਕਿ ਚੱਲ ਰਹੇ ਵਿੱਤੀ ਆਡਿਟ ਕਾਰਨ ਸਕਾਲਰਸ਼ਿਪ ਦੇ ਭੁਗਤਾਨ ’ਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਿਸੇ ਵਿਦਿਆਰਥੀ ਨੂੰ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ। ਮੁੱਖ ਮੰਤਰੀ ਨੇ ਅਕਤੂਬਰ ਦੇ ਅਖੀਰ ਤੱਕ ਨਿੱਜੀ ਸੰਸਥਾਵਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਾਸਤੇ ਸਾਲ 2015-16 ਲਈ ਲਟਕੀ ਪਈ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਆਖਿਆ। ਉਨ੍ਹਾਂ ਇਸ ਸਾਲ 31 ਦਸੰਬਰ ਤੱਕ ਵਜ਼ੀਫੇ ਦੇਣ ਦੀ ਪ੍ਰਕਿਰਿਆ ਮੁਕੰਮਲ ਕਰਨ ਵਾਸਤੇ ਭਲਾਈ ਵਿਭਾਗ ਨੂੰ ਕਿਹਾ ਹੈ।