ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ (ਆਪ) ਵੱਲੋਂ ਕੈਪਟਨ ਸਰਕਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਖ਼ਿਲਾਫ਼ ਭਲਕੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਦੇ ਸੰਸਦ ਮੈਂਬਰ ਤੇ ਵਿਧਾਇਕਾਂ ਸਮੇਤ ਸੀਨੀਅਰ ਆਗੂ ਤੇ ਵਾਲੰਟੀਅਰ ਹਿੱਸਾ ਲੈਣਗੇ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ  ਅਮਰਿੰਦਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਵੱਲੋਂ ਦਰਜ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ  ਅਤੇ ਸਿਟੀ ਸੈਂਟਰ ਲੁਧਿਆਣਾ ਦੇ ਕਥਿਤ ਘਪਲੇ ਦੇ ਕੇਸਾਂ ਦੀ ਸੁਣਵਾਈ ਪੰਜਾਬ ’ਚੋਂ ਬਾਹਰ  ਤਬਦੀਲ ਕੀਤੀ ਜਾਵੇ ਅਤੇ ਇਨ੍ਹਾਂ ਦੋਵੇਂ ਅਹਿਮ ਕੇਸਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ  ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਵੀ ਸਿਆਸਤ ਵਿੱਚ ਕੋਈ ਤਬਦੀਲੀ ਨਹੀਂ ਆਈ, ਸਿਰਫ਼ ਪੱਗਾਂ ਦੇ ਰੰਗ ਬਦਲੇ ਹਨ। ਸਰਕਾਰੀ ਦਫ਼ਤਰਾਂ ਅਤੇ ਥਾਣਿਆਂ ਵਿੱਚ ਅਧਿਕਾਰੀਆਂ ਦੇ ਕੰਮ ਕਰਨ ਦਾ ਢੰਗ ਪਹਿਲਾਂ ਵਾਲਾ ਹੀ ਹੈ।
ਸ੍ਰੀ ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਪੰਜ ਮਹੀਨਿਆਂ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਲੁੱਟ ਕਰਨ ਵਾਲਾ ਮਾਫ਼ੀਆ ਜ਼ਿਆਦਾ ਸਰਗਰਮ ਹੋ ਗਿਆ ਹੈ। ਪਹਿਲਾਂ ਵਾਂਗ ਕੇਬਲ ਮਾਫ਼ੀਆ ਅਤੇ ਡਰੱਗ ਮਾਫ਼ੀਆ ਵੀ ਵਧ ਫੁੱਲ ਰਿਹਾ ਹੈ ਅਤੇ ਕੈਪਟਨ ਸਰਕਾਰ ਭ੍ਰਿਸ਼ਟਾਚਾਰ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਆਪ ਵੱਲੋਂ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ।