ਚੰਡੀਗੜ੍ਹ, ਪੰਜਾਬ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਰਾਜ ਦੇ ਗ੍ਰਹਿ ਵਿਭਾਗ ਵੱਲੋਂ ਲੋੜੀਂਦੇ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ।
ਸੂਤਰਾਂ ਮੁਤਾਬਕ ਸਲਵਿੰਦਰ ਸਿੰਘ ਨੂੰ ਸਰਕਾਰ ਵੱਲੋਂ ਅੱਠ ਦੋਸ਼ ਪੱਤਰ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ’ਚ ਗੰਭੀਰ ਦੋਸ਼ ਲੱਗੇ ਸਨ। ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ਦਾ ਵਿਸ਼ਾ ਬਣੇ ਇਸ ਪੁਲੀਸ ਅਧਿਕਾਰੀ ਤੋਂ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ ਵੀ ਪੁੱਛ-ਪੜਤਾਲ ਕੀਤੀ ਸੀ। ਐਨ.ਆਈ.ਏ. ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ ’ਚ ਭਾਵੇਂ ਸਲਵਿੰਦਰ ਸਿੰਘ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਰਾਜ ਸਰਕਾਰ ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਦੋਸ਼ ਪੱਤਰ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਲਵਿੰਦਰ ਸਿੰਘ ਖ਼ਿਲਾਫ਼ ਇੱਕ ਮਹਿਲਾ ਵੱਲੋਂ ਸਰੀਰਕ ਸ਼ੋਸ਼ਣ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਇਸ ਅਧਿਕਾਰੀ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸ ਅਧਿਕਾਰੀ ਵਿਰੁੱਧ ਸੀਨੀਅਰ ਪੁਲੀਸ ਅਫ਼ਸਰਾਂ ਨੂੰ ਹੋਰ ਵੀ ਕਈ ਸ਼ਿਕਾਇਤਾਂ ਮਿਲੀਆਂ ਸਨ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਹੋਈ ਮੀਟਿੰਗ ਦੌਰਾਨ ਜਦੋਂ ਸਲਵਿੰਦਰ ਸਿੰਘ ਦੀ ਸੇਵਾ ਮੁਕਤੀ ਬਾਰੇ ਫ਼ੈਸਲਾ ਲਿਆ, ਉਦੋਂ ਨਸ਼ਾ ਤਸਕਰੀ ਨਾਲ ‘ਜੁੜੇ’ ਕੁਝ ਪੁਲੀਸ ਅਫ਼ਸਰਾਂ ਖ਼ਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਵੀ ਸੀਨੀਅਰ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਕੁਝ ਪੁਲੀਸ ਅਫ਼ਸਰਾਂ ਖ਼ਿਲਾਫ਼ ਬਰਤਰਫ਼ ਕੀਤੇ ਜਾਣ ਵਰਗੀ ਸਖ਼ਤ ਕਾਰਵਾਈ ਕਰਨ ਦੇ ਰੌਂਅ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਪੁਲੀਸ ਅਧਿਕਾਰੀਆਂ ਦੀ ਪੁਸ਼ਤਪਨਾਹੀ ਕੀਤੇ ਜਾਣ ਦੇ ਮਾਮਲੇ ਬਾਰੇ ਵੀ ਚਰਚਾ ਕੀਤੀ। ਕਾਬਲੇਗ਼ੌਰ ਹੈ ਕਿ ਦੋ ਸੀਨੀਅਰ ਪੁਲੀਸ ਅਧਿਕਾਰੀਆਂ ’ਤੇ ‘ਦਾਗ਼ੀ’ ਪੁਲੀਸ ਅਫ਼ਸਰਾਂ ਦੀ ਹਮਾਇਤ ਦੇ ਦੋਸ਼ ਲੱਗ ਰਹੇ ਹਨ। ਨਸ਼ਾ ਤਸਕਰੀ ਨਾਲ ਜੁੜੇ ਪੁਲੀਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਦਾ ਕੇਸ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਤਿਆਰ ਕਰਨ ਲਈ ਕਿਹਾ ਗਿਆ ਹੈ। ਇੱਕ ਪੁਲੀਸ ਅਫ਼ਸਰ ਦਾ ਨਾਮ ਤਾਂ ਨਸ਼ਾ ਤਸਕਰੀ ਦੇ ਕੇਸ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹੋਣ ਦੀ ਪੁਲੀਸ ਵਿਭਾਗ ਵਿੱਚ ਭਾਰੀ ਚਰਚਾ ਵੀ ਹੈ।