ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਵਿਧਾਇਕਾਂ ਸਮੇਤ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਮਾਣ-ਸਤਿਕਾਰ  ਵਿੱਚ ਕਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪਿਛਲੇ ਦਿਨੀਂ ਵਿਧਾਇਕਾਂ ਦੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮੰਤਰੀ ਕੋਲ ਇਸ ਦਾ ਗਿਲਾ ਕਰਦਿਆਂ ਫੌਰੀ ਕਦਮ ਚੁੱਕਣ ਦੀ ਲੋੜ ਜਤਾਈ ਸੀ। ਅੱਜ ਇਥੇ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਪੁਲੀਸ ਅਧਿਕਾਰੀਆਂ ਦੀ  ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮੌੜ ਬੰਬ ਧਮਾਕੇ, ਮਾਤਾ ਚੰਦ ਕੌਰ ਦੀ ਹੱਤਿਆ ਅਤੇ ਲੁਧਿਆਣਾ ਵਿਖੇ ਢੱਡਰੀਆਂਵਾਲਾ ’ਤੇ  ਹੋਏ ਹਮਲੇ  ਦੇ ਮਾਮਲਿਆਂ ਨੂੰ ਹੱਲ ਕਰਨ ਦੀ ਜ਼ੋਰਦਾਰ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਫੇਸਬੁੱਕ ਵਰਗੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਭੜਕਾਊ ਅਤੇ ਗਰਮ ਖਿਆਲੀ ਮੁਹਿੰਮ ਤੋਂ ਪੁਲੀਸ ਨੂੰ ਚੌਕਸ ਰਹਿਣ ਅਤੇ ਭਾਰਤ-ਪਾਕਿ ਸਰਹੱਦ ’ਤੇ ਘੁਸਪੈਠ ਦੀਆਂ ਸਰਗਰਮੀਆਂ ਸਬੰਧੀ ਚੌਕਸ ਕੀਤਾ। ਕੈਪਟਨ ਨੇ ਕਿਹਾ,‘‘ਸੂਬੇ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਕਿਸੇ ਵੀ ਯਤਨ ਨੂੰ ਸਖ਼ਤੀ ਨਾਲ ਨਿਪਟਿਆ ਜਾਵੇ। ਡਿਪਟੀ ਕਮਿਸ਼ਨਰ ਅਤੇ ਸੀਪੀਜ਼/ਐਸਐਸਪੀਜ਼ ਆਪੋ-ਆਪਣੇ ਖੇਤਰਾਂ ਵਿੱਚ ਬੇਅਦਬੀ ਦੀ ਕਿਸੇ ਵੀ ਘਟਨਾ ਲਈ ਜ਼ਿੰਮੇਵਾਰ ਹੋਣਗੇ।’’ ਲੋਕਾਂ ਦੀ ਭਾਈਵਾਲੀ ਨਾਲ ਸੀਸੀਟੀਵੀ ਕੈਮਰੇ ਲਾਏ ਜਾਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕੈਮਰੇ ਨਾ ਲੱਗਣ ਵਾਲੀਆਂ ਥਾਵਾਂ ’ਤੇ ਧਾਰਮਿਕ ਗ੍ਰੰਥਾਂ ਦੀ ਪਵਿੱਤਰਤਾ ਨੂੰ ਪ੍ਰਬੰਧਕਾਂ ਦੇ ਅਧੀਨ ਯਕੀਨੀ ਬਣਾਉਣ ਲਈ ਕਿਹਾ। ਪੁਲੀਸ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਵਪਾਰੀਆਂ ਵਿਰੁੱਧ  ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲੀਸ ਕਮਿਸ਼ਨਰ, ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਆਪਣੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਵਿੱਕਰੀ ਲਈ ਸਿੱਧੇ ਜਵਾਬਦੇਹ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ’ਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲੀਸ ਦੇ ਕੰਮਕਾਜੀ ਘੰਟਿਆਂ ਦੀ ਹੱਦਬੰਦੀ ਕਰਨ ਦੀ ਵਕਾਲਤ ਕਰਦਿਆਂ ਉਨ੍ਹਾਂ ਹਫ਼ਤਾਵਾਰੀ ਛੁੱਟੀ ਨੂੰ ਅਮਲ ਵਿੱਚ ਲਿਆਉਣ ਲਈ ਕਿਹਾ। ਹਥਿਆਰਾਂ ਦੇ ਡੇਟਾਬੇਸ ਅਤੇ ਡੀਲਰਾਂ ਦੇ ਵੇਰਵੇ ਲਈ ਗ੍ਰਹਿ ਵਿਭਾਗ ਨੂੰ ਵੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਵੱਖ ਵੱਖ ਜ਼ਿਲ੍ਹਿਆਂ ਖਾਸ ਤੌਰ ’ਤੇ ਪਠਾਨਕੋਟ, ਬਟਾਲਾ ਅਤੇ ਮੋਗਾ ਵਿੱਚ ਪੁਲੀਸ ਲਾਈਨਾਂ ਵਾਸਤੇ ਜ਼ਮੀਨ ਤਬਦੀਲ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ। ਮੀਟਿੰਗ ਵਿੱਚ ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ, ਡੀਜੀਪੀ (ਅਮਨ ਕਾਨੂੰਨ) ਐਚ ਐਸ ਢਿੱਲੋਂ ਮੌਜੂਦ ਸਨ।

ਸਾਜ਼ਿਸ਼ਾਂ ਘੜਨ ਵਾਲਿਆਂ ਦਾ ਸਾਥ ਦੇਣ ਵਾਲਿਆਂ ਦੀ ਨਿਖੇਧੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਵਿੱਚ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਗ੍ਰਿਫ਼ਤਾਰੀ ਬਾਰੇ ਸ਼ੰਕੇ ਖੜ੍ਹੇ ਕਰਨ ਵਾਲਿਆਂ ’ਤੇ ਪੰਜਾਬ ਦੇ ਹਿੱਤਾਂ ਖਿਲਾਫ਼ ਕੰਮ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਤੇ ਸਰਕਾਰ ਨੂੰ ਬਦਨਾਮ ਕਰਨ ਵਾਲੇ ਲੋਕ ਸਾਜ਼ਿਸ਼ਾਂ ਰਚਣ ਵਾਲਿਆਂ ਦਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਭਲਾਈ ਵਿੱਚ ਰੱਤੀ ਭਰ ਵੀ ਦਿਲਚਸਪੀ ਨਹੀਂ ਹੈ।