ਜਲੰਧਰ, ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ ਤੇ ਵਾਟਰ ਸਪਲਾਈ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ  ਕਿਹਾ ਹੈ ਕਿ ਪੰਜਾਬ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਦ੍ਰਿੜਤਾ ਤੇ ਸਮਰਪਣ ਨਾਲ ਕੰਮ ਕੀਤਾ ਜਾ ਰਿਹਾ ਹੈ।    

ਅੱਜ ਇੱਥੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 71 ਵੇਂ ਅਜਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਪਿੱਛੋਂ ਸੰਬੋਧਨ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਜਲਦ ਹੀ ਪੰਜਾਬ ਵਾਧੂ ਮਾਲੀਏ ਵਾਲਾ ਰਾਜ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਸਦੀਆਂ ਪਹਿਲਾਂ ਵਿਦੇਸ਼ੀ ਧਾੜਵੀਆਂ ਨੂੰ ਮੂੰਤ ਤੋੜ ਜਵਾਬ ਦੇਣ ਮਗਰੋਂ ਦੇਸ਼ ਦੀ ਅਜਾਦੀ ਦੀ ਲੜਾਈ ਵਿਚ ਵੀ ਪੰਜਾਬੀ ਸਭ ਤੋਂ ਅੱਗੇ ਸਨ। ਅਜਾਦੀ ਘੁਲਾਟੀਆਂ ਨੂੰ ਨਮਨ ਕਰਦਿਆਂ ਸ.ਬਾਜਵਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਲਾਲਾ ਲਾਜਪਤ ਰਾਏ, ਲਾਲਾ ਹਰਦਿਆਲ, ਡਾ. ਬੀ.ਆਰ ਅੰਬੇਦਕਰ, ਮਹਾਤਮਾ ਗਾਂਧੀ, ਸ਼ਹੀਦ ਊਧਮ ਸਿੰਘ ਤੇ ਹੋਰਨਾਂ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ  ਤੋਂ ਇਲਾਵਾ ਕੂਕਾ ਲਹਿਰ ਤੇ ਗਦਰ ਲਹਿਰ ਵਲੋਂ ਵੀ ਦੇਸ਼ ਦੀ ਅਜਾਦੀ ਵਿਚ ਮਹਾਨ ਯੋਗਦਾਨ ਦਿੱਤਾ ਗਿਆ।    

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 31 ਦਸੰਬਰ 2017 ਤੱਕ ਹਰ ਘਰ ਨੂੰ ਪੀਣ ਵਾਲੇ ਸਾਫ ਪਾਣੀ  ਦਾ ਕੁਨੈਕਸ਼ਨ ਦੇਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਾਦੀ ਤੋਂ ਲਗਭਗ 7 ਦਹਾਕਿਆਂ ਬਾਅਦ ਵੀ ਸਾਰੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਨਹੀਂ ਮਿਲ ਰਿਹਾ, ਜਿਸ ਲਈ  ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਇਸ ਪ੍ਰਾਜੈਕਟ ਲਈ 450 ਕਰੋੜ ਰੁਪੈ ਦਾ ਪ੍ਰਬੰਧ ਕੀਤਾ ਗਿਆ ਹੈ।

ਉਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਬਾਕੀ ਰਹਿੰਦੇ 13 ਜਿਲਿਆਂ ਨੂੰ ਵੀ ਖੁੱਲੇ ਵਿਚ ਸ਼ੌਚ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਪਖਾਨੇ ਬਣਾਉਣ ਲਈ 15 ਹਜ਼ਾਰ ਰੁਪੈ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸੂਬੇ ਦੇ 9 ਜਿਲ੍ਹੇ ਪਹਿਲਾਂ ਹੀ ਖੁੱਲੇ ਵਿਚ ਸ਼ੌਚ ਮੁਕਤ ਐਲਾਨੇ ਜਾ ਚੁੱਕੇ ਹਨ।

ਜਲੰਧਰ ਦੀ ਖੇਡ ਤੇ ਲੈਦਰ ਸਨਅਤ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸ. ਬਾਜਵਾ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲੇਬਾਜ਼ੀ ਲਈ ਸਨਅਤ ਵਾਸਤੇ ਵਿਸ਼ੇਸ਼ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਨਅਤ ਨੂੰ ਤਕਨੀਕ ਤੇ ਮਾਰਕੀਟਿੰਗ ਵਿਚ ਸਹਾਇਤਾ ਪ੍ਰਦਾਨ ਕੀਤਾ ਜਾਣਾ ਪ੍ਰਮੁੱਖ ਹੈ।

Ñਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਸ. ਬਾਜਵਾ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰਨ  ਸਫਲ ਨਹੀਂ ਹੋ ਸਕਦੀ । ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਅਧਿਆਪਕ ਤੇ ਮਾਪੇ ਇਸ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਟਾਸਕ ਫੋਰਸ ਗਠਿਤ ਕਰਕੇ ਨਸ਼ਿਆਂ ਦੀ ਸਪਲਾਈ ਲਾਇਨ ਤੋੜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਾਜ਼ਗਾਰ ਮਾਹੌਲ ਦੇ ਕੇ ਉਨ੍ਹਾਂ ਦੀ ਊਰਜਾ  ਨੂੰ ਸਹੀ ਪਾਸੇ Ñਲਾਉੁਣ ਲਈ ਬਲਾਕ ਪੱਧਰ ‘ਤੇ ਖੇਡ ਸਟੇਡੀਅਮ ਉਸਾਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਵਲੋਂ ਸਹਾਇਕ ਕਮਿਸ਼ਨਰ ਪੁਲਿਸ ਦੀਪਿਕਾ ਸਿੰਘ ਦੀ ਅਗਵਾਈ ਹੇਠ ਬੀ.ਐਸ.ਐਫ. , ਕੇਂਦਰੀ ਰਿਜ਼ਰਵ ਪੁਲਿਸ ਬਲ, ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. , ਸਕਾਊਟਸ ਐਂਡ ਗਾਇਡਜ਼  ਦੀ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਪਿੱਛੋਂ ਮੁੱਖ ਮਹਿਮਾਨ ਵਲੋਂ ਅਜਾਦੀ ਘੁਲਾਟੀਆਂ ਨੂੰ ਲੋਈ ਤੇ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ 110 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਸਮਾਜ ਸੇਵੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ  ਕੇ.ਐਮ.ਵੀ ਕਾਲਜ, ਸਰਕਾਰੀ ਸਕੂਲ ਨਹਿਰੂ ਗਾਰਡਨ, ਡੀਫ ਐਂਡ ਡਮ ਸਕੂਲ, ਗੁਰੂ ਅਮਰਦਾਸ ਪਬਲਿਕ ਸਕੂਲ, ਐਚ.ਐਮ.ਵੀ. ਕਾਲਜ,  ਐਸ.ਡੀ. ਫੁੱਲਰਵਾਨ ਸਕੂਲ , ਡੀ.ਏ.ਵੀ. ਕਾਲਜ ਤੇ ਐਸ.ਡੀ. ਕਾਲਜ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ  ਇਕਬਾਲ ਸਿੰਘ,  ਪ੍ਰਗਟ ਸਿੰਘ, ਰਜਿੰਦਰ ਬੇਰੀ, ਸ਼ੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਹੈਨਰੀ (ਜੂਨੀਅਰ) ਸਾਰੇ ਵਿਧਾਇਕ, ਜ਼ਿਲ੍ਹਾ ਤੇ ਸੇਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਗੁਰਮੀਤ ਸਿੰਘ ਟਿਵਾਣਾ, ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਜਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ,  ਡਿਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਪੀ.ਕੇ. ਸਿਨਹਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਮੀਤ ਸਿੰਘ , ਡੀ.ਸੀ.ਪੀ. ਰਜਿੰਦਰ ਸਿੰਘ ਤੇ ਐਸ.ਐਸ.ਪੀ. ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ।