ਅੰਮ੍ਰਿਤਸਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਲਗਾਤਾਰ ਦੂਜੇ ਦਿਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਰੇਲ ਹਾਦਸੇ ਦੇ ਪੀੜਤਾਂ ਦੇ ਇਲਾਜ, ਪੀੜਤਾਂ ਦੇ ਮੁੜ ਵਸੇਬੇ ਦੀ ਯੋਜਨਾ ਤੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਲਈ ਪੁੱਜੇ।
ਇਨ੍ਹਾਂ ਮੰਤਰੀਆਂ ਨੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲੀਸ ਕਮਿਸ਼ਨਰ ਐੱਸ ਸ੍ਰੀਵਾਸਤਵਾ, ਮੇਅਰ ਕਰਮਜੀਤ ਸਿੰਘ ਰਿੰਟੂ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਪ੍ਰਿੰਸੀਪਲ (ਮੈਡੀਕਲ ਕਾਲਜ) ਸੁਜਾਤਾ ਸ਼ਰਮਾ ਤੇ ਇਲਾਜ ਦੇ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਮੰਤਰੀਆਂ ਨੇ ਗੁਰੂ ਨਾਨਕ ਦੇਵ ਹਸਪਤਾਲ ਅਤੇ ਸਿਵਲ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ ਪੁੱਛਿਆ। ਉਨ੍ਹਾਂ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਜ਼ਖ਼ਮੀਆਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ, ਉਥੇ ਡਾਕਟਰਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਉਨ੍ਹਾਂ ਸਹਿਯੋਗ ਲਈ ਅੱਗੇ ਆਈਆਂ ਗ਼ੈਰ-ਸਰਕਾਰੀ ਜਥੇਬੰਦੀਆਂ ਅਤੇ ਸਮਾਜ ਸੇਵੀ ਵਿਅਕਤੀਆਂ ਦਾ ਵੀ ਧੰਨਵਾਦ ਕੀਤਾ।
ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਮਰੀਜ਼ਾਂ ਦੀ ਸਿਹਤ ਦਾ ਹਾਲ ਪੁੱਛਦਿਆਂ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਦੀ ਹਾਲਤ ਵੇਖਦੇ ਹੋਏ ਉਨ੍ਹਾਂ ਨੂੰ ਵੱਡੇ ਹਸਪਤਾਲ, ਚਾਹੇ ਉਹ ਨਿੱਜੀ ਖੇਤਰ ਦੇ ਹੀ ਹੋਣ, ਵਿਚ ਰੈਫਰ ਕਰ ਸਕਦੇ ਹਨ। ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਦੇ ਮਗਰ ਲੱਗ ਕੇ ਮਾਹੌਲ ਨੂੰ ਗ਼ਲਤ ਰੰਗਤ ਨਾ ਦੇਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਨਾ ਰੋਕਣ, ਸਗੋਂ ਆਪ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਉਣ। ਕੈਬਨਿਟ ਮੰਤਰੀਆਂ ਨੇ ਹਾਦਸੇ ਵਿਚ ਮਾਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਛੇਤੀ ਜਾਰੀ ਕਰਨ ਤੇ ਉਨ੍ਹਾਂ ਦੇ ਪਿੱਛੇ ਰਹਿ ਗਏ ਮੈਂਬਰਾਂ ਦੇ ਮੁੜ ਵਸੇਬੇ ਲਈ ਹੁਨਰਮੰਦ ਸਿੱਖਿਆ ਦੇਣ ਦੀ ਗੱਲ ਕਹੀ।