ਚੰਡੀਗੜ੍ਹ, 27 ਅਪਰੈਲ
ਖਣਨ ਬਾਰੇ ਬਣੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਮੀਟਿੰਗ ਕਰ ਕੇ ਰਿਪੋਰਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਹ ਰਿਪੋਰਟ ਦੋ ਦਿਨਾਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਜਾਵੇਗੀ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਰੇਤਾ ਸਸਤੀਆਂ ਦਰਾਂ ’ਤੇ ਲੋਕਾਂ ਨੂੰ ਮੁਹੱਈਆ ਕਰਵਾਇਆਾ ਜਾਵੇਗਾ ਅਤੇ ਕੀਮਤਾਂ ਬਾਰੇ ਅੰਤਿਮ ਫੈਸਲਾ ਮੁੱਖ ਮੰਤਰੀ ਕਰਨਗੇ। ਇਹ ਖੁਲਾਸਾ ਕਮੇਟੀ ਦੇ ਮੁਖੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਮੇਟੀ ਦੀ ਮੀਟਿੰਗ ਉਪਰੰਤ ਕੀਤਾ ਗਿਆ।  ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿੱਚ ਹੋਈ ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਨਵੇਂ ਬਣੇ ਖਣਨ ਅਤੇ ਭੂ ਵਿਗਿਆਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੀ ਸ਼ਾਮਲ ਹੋਏ।