ਸ੍ਰੀ ਆਨੰਦਪੁਰ ਸਾਹਿਬ, 21 ਨਵੰਬਰ
ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵੱਲੋਂ ਕੱਢੇ ਗਏ ਗ਼ੈਰ-ਜ਼ਮਾਨਤੀ ਵਾਰੰਟਾਂ ਦੇ ਬਾਵਜੂਦ ਉਨ੍ਹਾਂ ਵੱਲੋਂ ਇਸ ਅਹਿਮ ਅਹੁਦੇ ਨੂੰ ਨਾ ਛੱਡਣਾ ਮੰਦਭਾਗਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਈਵਾਲ ਪਾਰਟੀ ਭਾਜਪਾ ਦੇ ਆਗੂਆਂ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਲਈ ਉਨ੍ਹਾਂ ਨੇ 22 ਨਵੰਬਰ ਨੂੰ ਸਮੇਂ ਦੀ ਮੰਗ ਕੀਤੀ ਹੈ।
ਡਾ. ਚੀਮਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿਉਂਕਿ ਪੰਜਾਬ ਵਿੱਚ ਅੱਜ ਬਹੁਤ ਸਾਰੇ ਭਖ਼ਦੇ ਮਸਲੇ ਹਨ, ਜਿਨ੍ਹਾਂ ’ਤੇ ਵਿਚਾਰ ਕੀਤੀ ਜਾਣੀ ਜ਼ਰੂਰੀ ਹੈ। ਇਸ ਲਈ ਸੈਸ਼ਨ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਬਾਰੇ ਪੁੱਛਣ ’ਤੇ ਡਾ. ਚੀਮਾ ਨੇ ਕਿਹਾ ਕਿ ਹਾਲਾਂਕਿ ਵਿਧਾਨ ਸਭਾ ਸੈਸ਼ਨ ਅਤੇ ਸ਼੍ਰੋਮਣੀ ਕਮੇਟੀ ਇਜਲਾਸ ਦੋਵੇਂ 29 ਤਰੀਕ ਨੂੰ ਆ ਗਏ ਹਨ ਪਰ ਫਿਰ ਵੀ ਪਾਰਟੀ ਪ੍ਰਧਾਨ ਵੱਲੋਂ ਇਸ ਬਾਬਤ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਹਿਲਾਂ ਮੀਟਿੰਗ ਕੀਤੀ ਜਾਵੇਗੀ, ਹੋ ਸਕਦਾ ਹੈ ਕਿ ਇਜਲਾਸ ਤੋਂ ਪਹਿਲਾਂ ਮੀਟਿੰਗ ਕਰ ਕੇ ਹੀ ਕੋਈ ਫ਼ੈਸਲਾ ਲਿਆ ਜਾਵੇ।