ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਆਮ ਆਦਮੀ ਪਾਰਟੀ (‘ਆਪ’) ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੱਤਰ ਆਈ ਹੈ। ਸੀਨੀਅਰ ਅਕਾਲੀ ਆਗੂਆਂ ਨੇ ‘ਆਪ’ ਆਗੂ ਖ਼ਿਲਾਫ਼ ਫਾਜ਼ਿਲਕਾ ਦੀ ਅਦਾਲਤ ਵੱਲੋਂ ਜਾਰੀ ਸੰਮਨਾਂ ਦੇ ਮਾਮਲੇ ਨੂੰ ਵੱਡਾ ਮੁੱਦਾ ਬਣਾਉਣ ਵੱਲ ਕਦਮ ਪੁੱਟੇ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਵਫ਼ਦ ਨੇ ਅੱਜ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਵਫ਼ਦ ਵਿੱਚ ਸ਼ਾਮਲ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਨਾ ਛੱਡਣਾ ਅਹੁਦੇ ਦੀ ਮਰਿਆਦਾ ਨੂੰ ਘਟਾਉਣਾ ਹੈ। ਅਕਾਲੀ ਦਲ ਨੇ ਰਾਜਪਾਲ ਨੂੰ ਕਿਹਾ ਕਿ ‘ਆਪ’ ਆਗੂ ਨੇ ਇਹ ਕੇਸ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ, ਪਰ ਹਾਈ ਕੋਰਟ ਨੇ ਨਾ ਸਿਰਫ਼ ਹੇਠਲੀ ਅਦਾਲਤ ਦੇ ਫ਼ੈਸਲੇ ’ਤੇ ਮੋਹਰ ਲਾਈ, ਸਗੋਂ ਇਹ ਵੀ ਕਿਹਾ ਕਿ ਖਹਿਰਾ ਵਿਰੁੱਧ ਕਿਸੇ ਸਿਆਸੀ ਰੰਜ਼ਿਸ਼ ਤਹਿਤ ਕਾਰਵਾਈ ਨਹੀਂ ਹੋਈ। ਪਾਰਟੀ ਆਗੂਆਂ ਨੇ ਕਿਹਾ ਕਿ ਅਦਾਲਤ ਵੱਲੋਂ ਸਰਕਾਰ ਨੂੰ ਇਸ ਮਾਮਲੇ ਵਿੱਚ ਚਲਾਨ ਪੇਸ਼ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਬਾਵਜੂਦ ਲਗਭਗ ਇੱਕ ਮਹੀਨੇ ਤੋਂ ਅਜਿਹਾ ਨਹੀਂ ਕੀਤਾ ਗਿਆ ਹੈ। ਵਫ਼ਦ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਸੂਬਾ ਸਰਕਾਰ ਨੂੰ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੇ ਆਦੇਸ਼ ਦਿੱਤੇ ਜਾਣ।
ਵਫ਼ਦ ਨੇ ਰਾਜਪਾਲ ਤੋਂ ਦਖ਼ਲ ਦੀ ਮੰਗ ਕਰਦਿਆਂ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਵੀ ਵਫ਼ਾ ਕਰਾਉਣ ਦੀ ਮੰਗ ਕੀਤੀ। ਅਕਾਲੀ ਦਲ ਨੇ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਤੁਰੰਤ ਲਾਗੂ ਕਰਨ ਲਈ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ। ਵਫ਼ਦ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫੀ ਕਰ ਕੇ ਕਿਸਾਨ ਖ਼ੁਦਕੁਸ਼ੀਆਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਕਿਸਾਨਾਂ ਦੇ ਖਾਤਿਆਂ ਨੂੰ ਐਨਪੀਏ (ਨਾਨ-ਪਰਫਾਰਮਿੰਗ ਅਸੈਟਸ) ਐਲਾਨ ਦਿੱਤਾ ਗਿਆ ਹੈ, ਜਿਸ ਕਰ ਕੇ ਉਹ ਭਵਿੱਖ ਵਿੱਚ ਕਰਜ਼ਾ ਲੈਣ ਦੇ ਯੋਗ ਨਹੀਂ ਰਹੇ। ਵਫ਼ਦ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਗੰਨੇ ਦੀ ਕੀਮਤ ਘੱਟੋ-ਘੱਟ 350 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨਿਰੇਦਸ਼ ਦੇਣ। ਅਕਾਲੀ-ਭਾਜਪਾ ਵਫ਼ਦ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਤੇ ਵੀ ਦਖ਼ਲ ਦੀ ਮੰਗ ਕੀਤੀ। ਵਫ਼ਦ ਵਿੱਚ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਅਜੀਤ ਸਿੰਘ ਕੋਹਾੜ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਸੋਹਨ ਸਿੰਘ ਠੰਡਲ, ਡਾ. ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ, ਮਨਜਿੰਦਰ ਸਿੰਘ ਸਿਰਸਾ, ਅਰੁਣ ਨਾਰੰਗ ਤੇ ਵਿਨੀਤ ਜੋਸ਼ੀ ਵੀ ਸ਼ਾਮਲ ਸਨ।