ਚੰਡੀਗੜ੍ਹ, 
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗਊ ਰੱਖਿਆ ਦੇ ਨਾਂ ਉਤੇ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇ  ਕੋਈ ਹਿੰਸਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ  ਕੀਤੀ ਜਾਵੇਗੀ। ਅੱਜ ਇੱਥੇ ਉਨ੍ਹਾਂ ਕਿਹਾ ਕਿ ਗਊ ਰੱਖਿਆ ਦੇ ਨਾਂ ’ਤੇ ਜੇ ਕੋਈ ਕਿਸਾਨਾਂ ਦਾ ਨੁਕਸਾਨ ਕਰਦਾ ਹੈ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਕਿਰਤ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਵਿਭਾਗੀ ਕੰਮਾਂ ਦਾ ਜਾਇਜ਼ਾ ਲਿਆ ਤੇ ਕੰਮ ਨੂੰ ਲੀਹ ’ਤੇ ਪਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਪਹਿਲਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਫੰਡਾਂ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਆਖਿਆ ਕਿ ਉਹ ਅਗਲੇ ਦਿਨਾਂ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਜਾ ਕੇ ਕਿਰਤੀਆਂ ਸਬੰਧੀ ਸਕੀਮਾਂ ਦਾ ਜਾਇਜ਼ਾ ਲੈਣਗੇ।