ਅੰਮ੍ਰਿਤਸਰ, ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਭਲਕੇ ਦਿੱਲੀ ਵਿੱਚ ਕਰਾਏ ਜਾ ਰਹੇ ਸਮਾਗਮ ਵਿੱਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸ਼ਮੂਲੀਅਤ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਸਮਾਗਮ ਦੇ ਪ੍ਰਬੰਧਕਾਂ ਵੱਲੋਂ ਛਾਪੇ ਸੱਦਾ ਪੱਤਰ ਵਿੱਚ ਦਰਜ ਹੈ ਕਿ ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀ ਜਾਵੇਗੀ, ਜਦੋਂਕਿ ਮੁੱਖ ਬੁਲਾਰੇ ਆਰਐਸਐਸ ਮੁਖੀ ਮੋਹਨ ਭਾਗਵਤ ਹੋਣਗੇ ਅਤੇ ਮੁੱਖ ਮਹਿਮਾਨ ਵਜੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਣਗੇ। ਇਸ ਸਬੰਧੀ ਗਿਆਨੀ ਇਕਬਾਲ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ, ਜਿਸ ਕਾਰਨ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਆਖਿਆ ਕਿ ਇਸ ਸਮਾਗਮ ਵਿੱਚ ਗਿਆਨੀ ਇਕਬਾਲ ਸਿੰਘ ਦੀ ਬਤੌਰ ਜਥੇਦਾਰ ਸ਼ਮੂਲੀਅਤ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਗਿਆਨੀ ਇਕਬਾਲ ਸਿੰਘ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਇਹ ਧਾਰਮਿਕ ਅਵੱਗਿਆ ਦਾ ਮਾਮਲਾ ਹੈ ਅਤੇ ਇਸ ਸਬੰਧ ਵਿੱਚ ਪਹਿਲਾਂ ਅਕਾਲ ਤਖ਼ਤ ਤੋਂ ਹੀ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਜੇ ਗਿਆਨੀ ਇਕਬਾਲ ਸਿੰਘ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ ਤਾਂ ਪ੍ਰਬੰਧਕੀ ਕਮੇਟੀ ਵੱਲੋਂ ਮੀਟਿੰਗ ਕਰ ਕੇ ਵਿਚਾਰ ਕੀਤਾ ਜਾਵੇਗਾ।
ਨਵੀਂ ਦਿੱਲੀ (ਪੱਤਰ ਪ੍ਰੇਰਕ): ਰਾਮਗੜ੍ਹੀਆ ਬੋਰਡ ਦਿੱਲੀ ਦੇ ਡਾਇਰੈਕਟਰ ਜਤਿੰਦਰ ਸਿੰਘ ਗਾਗੀ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਦਾ ਬਾਈਕਾਟ ਕਰਨਾ ਚਾਹੀਦਾ ਹੈ, ਕਿਉਂਕਿ ਇਸ ਸਮਾਗਮ ਨੂੰ ਆਰਐਸਐਸ ਦੀ ਸਿੱਧੀ ਸਰਪ੍ਰਸਤੀ ਮਿਲੀ ਹੋਈ ਹੈ। ਇਸ ਕਰਕੇ ਹਰ ਸਿੱਖ ਸੰਸਥਾ ਜਾਂ ਧਿਰ ਨੂੰ ਚਾਹੀਦਾ ਹੈ ਕਿ ਉਹ ਆਪਣੀ ਵੱਖਰੀ ਪਛਾਣ ਬਣਾਈ ਰੱਖਣ ਅਤੇ ਇਸ ਸਮਾਗਮ ਦਾ ਪੂਰਨ  ਬਾਈਕਾਟ ਕਰਨ।
ਗੁਰੂ ਗੋਬਿੰਦ ਸਿੰਘ ਨੂੰ ‘ਰਾਸ਼ਟਰਵਾਦੀ’ ਕਹਿਣਾ ਤੰਗਦਿਲੀ ਕਰਾਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਿੰਦਰਪਾਲ ਸਿੰਘ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਗੁਰੂ ਗੋਬਿੰਦ ਸਿੰਘ ਨੂੰ ‘ਰਾਸ਼ਟਰਵਾਦੀ’ ਕਹਿਣਾ ਤੰਗਦਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਂਝੀਵਾਲਤਾ ਦੀ ਸਿੱਖਿਆ ਦਿੱਤੀ ਹੈ, ਜਿਸ ਨੂੰ ਅਸੀਂ ਦੁਨੀਆ ਤੱਕ ਪੁੱਜਦਾ ਨਹੀਂ ਕਰ ਸਕੇ। ਇਸ ਦਾ ਕਾਰਨ ਹੈ ਕਿ ਅਸੀਂ ਆਪਸੀ ਟਕਰਾਅ ਵਿੱਚ ਉਲਝੇ ਹੋਏ ਹਾਂ।