ਅੰਮ੍ਰਿਤਸਰ, 6 ਅਕਤੂਬਰ
ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ  ਬੀਤੇ ਕੱਲ੍ਹ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ’ਤੇ ਲਾਏ ਗਏ ਦੋਸ਼ਾਂ ਨੂੰ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਝੂਠ ਦਾ ਪੁਲੰਦਾ ਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।
ਅੱਜ ਦੇਰ ਸ਼ਾਮ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਸਾਂਪਲਾ ਨੇ ਆਖਿਆ ਕਿ ਮਨਪ੍ਰੀਤ ਸਿੰਘ ਬਾਦਲ ਵਰਗੇ ਸੂਝਵਾਨ ਸਿਆਸਤਦਾਨ ਵੱਲੋਂ ਅਜਿਹੀ ਦੂਸ਼ਣਬਾਜ਼ੀ ਸ਼ੋਭਾ ਨਹੀਂ ਦਿੰਦੀ ਹੈ। ਉਨ੍ਹਾਂ ਆਖਿਆ ਕਿ ਗੁਰਦਾਸਪੁਰ ਜ਼ਿਮਨੀ ਚੋਣ ਵਾਸਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਖ਼ਿਲਾਫ਼ ਵਿੱਤ ਮੰਤਰੀ ਨੇ ਦੋਸ਼ ਲਾਇਆ ਸੀ ਕਿ ਉਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਮੁੰਬਈ ਵਿੱਚ ਦਰਜ ਕੇਸ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਵੱਲੋਂ ਬੇਬੁਨਿਆਦ ਦੋਸ਼ ਲਾਏ ਗਏ ਹਨ ਅਤੇ ਕਾਂਗਰਸ ਵਿਅਕਤੀਗਤ ਰੂਪ ਵਿੱਚ ਦੂਸ਼ਣਬਾਜ਼ੀ ਕਰਕੇ ਸੌੜੀ ਰਾਜਨੀਤੀ ’ਤੇ ਉਤਰ ਆਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਉਮੀਦਵਾਰ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਹੈ। ਉਹ ਇਸ ਸਬੰਧੀ ਲਾਏ ਗਏ ਦੋਸ਼ਾਂ ਖ਼ਿਲਾਫ਼ ਜਲਦੀ ਹੀ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਕੋਲ ਵੀ ਕਈ ਕਾਂਗਰਸੀ ਆਗੂਆਂ ਦੇ ਅਜਿਹੇ ਕੱਚੇ ਚਿੱਠੇ ਹਨ। ਉਨ੍ਹਾਂ ਇਸ ਸਬੰਧ ਵਿੱਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ’ਤੇ ਵੀ ਗੈਰ ਔਰਤ ਨਾਲ ਸਬੰਧਾਂ ਦਾ ਗੰਭੀਰ ਦੋਸ਼ ਲਾਇਆ। ਉਨ੍ਹਾਂ ਇਸ ਸਬੰਧੀ ਇੱਕ ਔਰਤ ਦਾ ਨਾਂ ਵੀ ਲਿਆ। ਉਨ੍ਹਾਂ ਆਖਿਆ ਕਿ ਭਾਜਪਾ ਅਜਿਹੇ ਕਈ ਮਾਮਲੇ ਜਾਣਦੀ ਹੈ ਪਰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਕਿਸੇ ਵੀ ਖ਼ਿਲਾਫ਼  ਦੂਸ਼ਣਬਾਜ਼ੀ ਨਹੀਂ ਕੀਤੀ ਜਾਵੇਗੀ। ਭਾਜਪਾ ਸਿਰਫ ਮੁੱਦਿਆਂ ਦੇ ਆਧਾਰ ’ਤੇ ਸਿਆਸਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਸਾਹਮਣੇ ਰੱਖਣ ਲਈ ਕੋਈ ਮੁੱਦਾ ਨਹੀਂ ਹੈ, ਇਸ ਲਈ ਪ੍ਰਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਨਿੱਜੀ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਦੌਰਾਨ ਭਾਜਪਾ ਪ੍ਰਧਾਨ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਸ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਭਾਜਪਾ ਵੀ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕਰ ਚੁੱਕੀ ਹੈ। ਇਸ ਮੌਕੇ ਭਾਜਪਾ ਦੇ ਹੋਰ ਆਗੂ ਵੀ ਹਾਜ਼ਰ ਸਨ।