ਸ੍ਰੀ ਆਨੰਦਪੁਰ ਸਾਹਿਬ, 10 ਜਨਵਰੀ
ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਉੱਥੋਂ ਦੇ ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਦੇ ਅਧਿਕਾਰੀਆਂ ਦੇ ਦਾਖ਼ਲੇ ’ਤੇ ਲਾਈ ਰੋਕ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਅਨੁਸਾਰ ਕਿਸੇ ਨੂੰ ਵੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਰੋਕਣਾ ਨਹੀਂ ਚਾਹੀਦਾ, ਪਰ ਗੁਰਦੁਆਰਾ ਪ੍ਰਬੰਧਾਂ ਵਿੱਚ ਕਿਸੇ ਦੀ ਦਖ਼ਲਅੰਦਾਜ਼ੀ ਵੀ ਬਰਦਾਸ਼ਤਯੋਗ ਨਹੀਂ ਹੈ। ਤਖ਼ਤ ਕੇਸਗੜ੍ਹ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਸਾਰ ਭਰ ਵਿੱਚ ਜੇਕਰ ਕੋਈ ਵਿਅਕਤੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਲਈ ਗੁਰੂ ਘਰ ਜਾਂਦਾ ਹੈ ਤਾਂ ਮਰਿਆਦਾ ਅਨੁਸਾਰ ਉਸ ਨੂੰ ਰੋਕਿਆ ਨਹੀਂ ਜਾ ਸਕਦਾ ਹੈ। ਜੇਕਰ ਕਿਸੇ ਦਾ ਸਰਕਾਰ, ਵਿਅਕਤੀ ਵਿਸ਼ੇਸ਼ ਜਾਂ ਕਿਸੇ ਸੰਸਥਾ ਨਾਲ ਕੋਈ ਵਿਚਾਰਾਂ ਦਾ ਵਖਰੇਵਾਂ ਹੈ ਜਾਂ ਵਿਵਾਦ ਹੈ ਤਾਂ ਉਸ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।  ਪ੍ਰਧਾਨ ਵਜੋਂ ਨਿਯੁਕਤੀ ਮਗਰੋਂ ਪਿਛਲੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੀਆਂ ਨਿਯੁਕਤੀਆਂ ਦੀ ਘੋਖ ਲਈ ਬਣਾਈ ਕਮੇਟੀ ਵੱਲੋਂ ਅਜੇ ਤੱਕ ਕੋਈ ਰਿਪੋਰਟ ਨਸ਼ਰ ਨਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਸਬ ਕਮੇਟੀ ਵੱਲੋਂ ਸਾਰੀਆਂ ਨਿਯੁਕਤੀਆਂ ਦੀ ਘੋਖ ਕੀਤੀ ਜਾ ਰਹੀ ਹੈ ਤੇ ਅੱਜ-ਭਲਕ ਕਮੇਟੀ ਦੀ ਬੈਠਕ ਵੀ ਹੈ। ਆਉਂਦੇ ਦਿਨਾਂ ਵਿੱਚ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ਤੋਂ ਪਹਿਲਾਂ ਪਹਿਲਾਂ ਕਮੇਟੀ ਦੀ ਰਿਪੋਰਟ ਆ ਜਾਵੇਗੀ।

ਦਲ ਖ਼ਾਲਸਾ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਫ਼ੈਸਲੇ ਦਾ ਸਮਰਥਨ 
ਅੰਮ੍ਰਿਤਸਰ : ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਕਿਸੇ ਨੂੰ ਨਹੀਂ ਰੋਕਿਆ ਜਾ ਸਕਦਾ, ਪਰ ਗੁਰੂ ਘਰਾਂ ਦੀਆਂ ਗਤੀਵਿਧੀਆਂ ਵਿੱਚ ਦਖ਼ਲ ਰੋਕਣਾ ਪ੍ਰਬੰਧਕ ਕਮੇਟੀਆਂ ਦਾ ਅਧਿਕਾਰ ਖੇਤਰ ਹੈ। ਇਸ ਦੌਰਾਨ ਦਲ ਖ਼ਾਲਸਾ ਜਥੇਬੰਦੀ ਨੇ ਇਨ੍ਹਾਂ ਮੁਲਕਾਂ ਵਿੱਚ ਗੁਰਦੁਆਰਾ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਵੱਲੋਂ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੀਆਂ ਸਰਗਰਮੀਆਂ ’ਤੇ ਲਾਈ ਰੋਕ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਦਿੱਲੀ ਦੇ ਸਿੱਖ ਵਿਰੋਧੀ ਹਮਲਿਆਂ ਦਾ ਢੁਕਵਾਂ ਜਵਾਬ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਹਵਾਲੇ ਨਾਲ ਉਨ੍ਹਾਂ ਦੇ ਨਿੱਜੀ ਸਕੱਤਰ ਭੁਪਿੰਦਰ ਸਿੰਘ ਨੇ ਆਖਿਆ ਕਿ ਗੁਰੂ ਘਰ ਸਭ ਦੇ ਸਾਂਝੇ ਹਨ ਤੇ ਗੁਰਦੁਆਰਿਆਂ ਦੇ ਦੁਆਰ ਸਾਰਿਆਂ ਲਈ ਖੁੱਲ੍ਹੇ ਹਨ।  ਇਸ ਦੌਰਾਨ ਦਲ ਖ਼ਾਲਸਾ ਦੇ ਹਰਪਾਲ ਸਿੰਘ ਚੀਮਾ, ਹਰਚਰਨਜੀਤ ਸਿੰਘ ਧਾਮੀ ਤੇ ਕੰਵਰਪਾਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਵੱਲੋਂ ਲਿਆ ਫ਼ੈਸਲਾ ਭਾਰਤ ਸਰਕਾਰਾਂ ਦੀਆਂ 1984 ਤੋਂ ਆਰੰਭ ਹੋਈਆਂ ਧੱਕੇਸ਼ਾਹੀਆਂ ਅਤੇ ਅਨਿਆਂ ਖ਼ਿਲਾਫ਼ ਸਿੱਖ-ਵਿਰੋਧ ਦਾ ਹਿੱਸਾ ਹੈ। ਭਾਰਤੀ ਅਧਿਕਾਰੀਆਂ ਅਤੇ ਭੁੱਲੜ ਸਿੱਖਾਂ ਵੱਲੋਂ ਕੀਤਾ ਜਾ ਰਿਹਾ ਪ੍ਰਚਾਰ ਕਿ ਇਹ ਫ਼ੈਸਲਾ ਫ਼ਿਰਕਾਪ੍ਰਸਤ ਹੈ, ਬਾਰੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿੱਚ ਆ ਕੇ ਨਤਮਸਤਕ ਹੋਣ ਅਤੇ ਲੰਗਰ ਛੱਕਣ ’ਤੇ ਕੋਈ ਪਾਬੰਦੀ ਨਹੀਂ ਲਾਈ ਗਈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਦੂਤਾਂ ਦੀਆਂ ਗੁਰਦੁਆਰਿਆਂ ਵਿੱਚ ਸਰਗਰਮੀਆਂ ਉਤੇ ਰੋਕ ਲਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਹੁਤ ਸਾਰੇ ਖੁਫ਼ੀਆ ਅਧਿਕਾਰੀ ਸਿੱਖਾਂ ਵਿਚਾਲੇ ਪਾੜਾ ਪਾਉਣ ਲਈ ਗੁਰਦੁਆਰਿਆਂ ਵਿੱਚ ਘੁਸਪੈਠ ਕਰਦੇ ਹਨ। ਅਜਿਹੇ ਅਧਿਕਾਰੀ ਉਨ੍ਹਾਂ ਸਿੱਖਾਂ ਨੂੰ ਕਾਲੀ ਸੂਚੀ ਵਿੱਚ ਸ਼ਾਮਲ ਕਰਵਾ ਦਿੰਦੇ ਹਨ, ਜੋ ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਜਾਂ ਭਾਰਤੀ ਸਰਕਾਰ ਦੇ ਅੱਤਿਆਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹਨ।