ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਸੂਬੇ ਦੇ ਪੁਲੀਸ ਮੁਖੀ ਨੂੰ ਗ਼ੈਰ ਕਾਨੂੰਨੀ ਖਣਨ ਅਤੇ ਅਖੌਤੀ ‘ਗੁੰਡਾ ਟੈਕਸ’ ਨੂੰ ਰੋਕਣ ਲਈ ਫੌਰੀ ਕਦਮ ਚੁੱਕਣ ਲਈ ਹੁਕਮ ਜਾਰੀ ਕੀਤੇ ਸਨ ਤੇ ਜਾਪਦਾ ਹੈ ਕਿ ਉਨ੍ਹਾਂ ਹੁਕਮਾਂ ’ਤੇ ਅਮਲ ਨਹੀਂ ਹੋ ਸਕਿਆ ਤੇ  ਉਸ ਤੋਂ  ਬਾਅਦ ਅੱਜ ਮੁੜ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਗੁੰਡਾ ਟੈਕਸ ਅਤੇ ਗੈਰ ਕਾਨੂੰਨੀ ਖਣਨ ਸਖਤੀ ਨਾਲ  ਰੋਕਣ ਲਈ ਕਹਿਣਾ ਪਿਆ ਹੈ। ਮੁੱਖ ਮੰਤਰੀ ਨੇ ਜ਼ਿਲਾ ਪੁਲੀਸ ਮੁਖੀਆਂ ਨੂੰ ਅਣਗਹਿਲੀ ਜਾਂ ਢਿਲਮੱਠ ਵਰਤਣ ਦੇ ਮਾਮਲੇ ਵਿਚ  ਜ਼ਿੰਮੇਵਾਰ  ਠਹਿਰਾਏ ਜਾਣ ਦੀ ਚਿਤਾਵਨੀ ਵੀ ਦਿੱਤੀ।
ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਗ਼ੈਰ-ਕਾਨੂੰਨੀ ਖਣਨ ਜਾਂ ੁੰਡਾ ਟੈਕਸ ਵਿਰੁੱਧ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਮੰਨਣ ਲਈ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਅੱਜ ਸਵੇਰੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨਾਲ ਮੀਟਿੰਗ ਦੌਰਾਨ  ਕਿਹਾ ਕਿ ਹੁਣ ਕਾਰਵਾਈ ਕਰਨ ਦਾ ਵਕਤ ਆ ਗਿਆ ਹੈ। ਨਰਮੀ ਨਾਲ ਪਹਿਲਾਂ ਹੀ ਕਾਫੀ ਬਦਨਾਮੀ ਹੋ ਚੁੱਕੀ ਹੈ  ਇਸ ਲਈ ਸਖਤੀ ਵਰਤੀ ਜਾਵੇ। ਜੇ ਸਖਤੀ ਵਰਤ ਕੇ ਨਰਾਜ਼ਗੀ ਵੀ ਖੱਟਣੀ ਪੈਂਦੀ ਹੈ ਤਾਂ ਖੱਟੀ ਜਾਵੇ।  ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਾਰੇ ਕਾਨੂੰਨੀ ਠੇਕੇਦਾਰਾਂ ਦੀ ਸੂਚੀ ਤਿਆਰ ਕਰਨ ਲਈ ਹਦਾਇਤਾਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਸਬੰਧ ਵਿਚ ਵਿਸ਼ੇਸ਼ ਸਟਾਫ ਫੋਰਸ ਅਤੇ ਜ਼ਿਲ੍ਹਾ ਪੁਲੀਸ ਵਿਚਾਲੇ ਤਾਲਮੇਲ ਰਾਹੀਂ ਮੁਹਿੰਮ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਨ ’ਤੇ       ਜ਼ੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਅਤੇ ਕਾਂਗਰਸ ਦੇ ਵਿਧਾਇਕਾਂ,ਵਰਕਰਾਂ ਵਿਚਕਾਰ ਨੇੜੇ ਦੇ ਸਬੰਧਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।