ਚੰਡੀਗੜ੍ਹ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੱਕੀ ਭੂਮਿਕਾ ਨਿਭਾਉਣ ਲਈ ਉਸ ਨੂੰ ਬਹਿਬਲ ਕਲਾਂ ਘਟਨਾ ਦਾ ਜਨਰਲ ਡਾਇਰ ਕਰਾਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ਮੌਕੇ ਸੂਬਾ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੁਖਬੀਰ ਬਾਦਲ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕਰਵਾਈ ਜਾਵੇ, ਜਿਸ ਨੂੰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਸਿੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸੁਖਬੀਰ ਗੁਨਾਹਗਾਰ ਹੈ। ਅਕਾਲੀ ਦਲ ਨੇ ਸੂਬੇ ਵਿੱਚ ਫਿਰਕੂ ਵੰਡੀਆਂ ਪਾਉਣ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਵੱਡੇ ਭਾਈਵਾਲ ਭਾਰਤੀ ਜਨਤਾ ਪਾਰਟੀ ਦੇ ਨਕਸ਼ੇ-ਕਦਮਾਂ ਨੂੰ ਅਪਣਾਇਆ ਹੈ। ਉਨ੍ਹਾਂ ਆਖਿਆ ਕਿ ਬਹਿਬਲ ਕਲਾਂ ਦੇ ਕੇਸ ਨੂੰ ਨਜਿੱਠਣ ਵਿੱਚ ਢਿੱਲ ਵਰਤਣ ਲਈ ਸੁਖਬੀਰ ਸਖ਼ਤ ਸਜ਼ਾ ਦੇ ਹੱਕਦਾਰ ਹਨ ਕਿਉਂਕਿ ਇਸ ਵਿੱਚ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਹਨ। ਉਨ੍ਹਾਂ ਘਟਨਾ ਤੋਂ ਬਾਅਦ ਸੁਖਬੀਰ ਵੱਲੋਂ ਬੇਅਦਬੀ ਦੀ ਸਾਜ਼ਿਸ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰਕੇ ਮੀਡੀਆ ਸਾਹਮਣੇ ਪੇਸ਼ ਕੀਤੇ ਦੋ ਸਿੱਖਾਂ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਵੀ ਖੌਫ਼ ਖਾਂਦੇ ਹਨ। ਪੁਲੀਸ ਨੇ ਪਹਿਲਾਂ ਉਨ੍ਹਾਂ ’ਤੇ ਤਸ਼ੱਦਦ ਢਾਹਿਆ ਅਤੇ ਫਿਰ ਉਨ੍ਹਾਂ ਨੂੰ ਇਹ ਕਹਿ ਕਿ ਛੱਡ ਦਿੱਤਾ ਕਿ ਇਨ੍ਹਾਂ ਖ਼ਿਲਾਫ਼ ਕੁਝ ਵੀ ਸਾਹਮਣੇ ਨਹੀਂ ਆਇਆ। ਸ੍ਰੀ ਜਾਖੜ ਨੇ ਕਿਹਾ ਕਿ ਇਨ੍ਹਾਂ ਦੋਵਾਂ ਵਿਚੋਂ ਇੱਕ ਨੌਜਵਾਨ ਤਾਂ ਅਜੇ ਤੱਕ ਚੱਲ-ਫਿਰ ਵੀ ਨਹੀਂ ਸਕਦਾ। ਉਨ੍ਹਾਂ ਨੇ ਸੁਖਬੀਰ ਨੂੰ ਪੀੜਤ ਪਰਿਵਾਰਾਂ ਕੋਲ ਜਾ ਕੇ ਮੁਆਫੀ ਮੰਗਣ ਲਈ ਆਖਿਆ। ਸ੍ਰੀ ਜਾਖੜ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਵਿਧਾਨ ਸਭਾ ਦੇ ਬਾਹਰ ਵੇਚਣ ਅਤੇ ਇਨ੍ਹਾਂ ਕਾਪੀਆਂ ਨੂੰ ਪਾੜ ਕੇ ਇਸ ਸੰਜੀਦਾ ਮਸਲੇ ਦਾ ਮਜ਼ਾਕ ਉਡਾਉਣ ਲਈ ਅਕਾਲੀ ਲੀਡਰਸ਼ਿਪ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਰਵੱਈਏ ਨਾਲ ਉਸ ਦੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਇੱਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣਾ ਕੋਈ ਗੁਨਾਹ ਨਹੀਂ ਹੈ।